ਲੁਧਿਆਣਾ: ਮੁੱਲਾਂਪੁਰ ਦਾਖਾ ਜ਼ਿਮਨੀ ਚੋਣ ਹਰ ਪਾਰਟੀ ਲਈ ਵੱਕਾਰ ਦਾ ਸਵਾਲ ਬਣੀ ਹੋਈ ਹੈ ਅਤੇ ਅੱਜ ਅਕਾਲੀ ਦਲ ਵੱਲੋਂ ਮੁੱਲਾਂਪੁਰ ਦਾਖਾ ਥਾਣੇ ਦੇ ਵਿੱਚ ਜਾ ਕੇ ਐੱਸਐੱਸਪੀ ਨੂੰ ਪੁਲਿਸ ਪ੍ਰਸ਼ਾਸਨ ਦੀ ਸ਼ਿਕਾਇਤ ਕੀਤੀ ਗਈ ਅਤੇ ਕਿਹਾ ਕਿ ਅਕਾਲੀ ਦਲ ਦੇ ਵਰਕਰਾਂ ਨਾਲ ਧੱਕੇਸ਼ਾਹੀ ਹੋ ਰਹੀ ਹੈ।
ਥਾਣੇ ਵਿੱਚ ਜੰਮ ਕੇ ਅਕਾਲੀ ਵਰਕਰਾਂ ਵੱਲੋਂ ਹੰਗਾਮਾ ਵੀ ਕੀਤਾ ਗਿਆ। ਇਸ ਦੌਰਾਨ ਮਨਪ੍ਰੀਤ ਇਯਾਲੀ ਦੇ ਨਾਲ ਬਿਕਰਮ ਮਜੀਠੀਆ, ਦਲਜੀਤ ਸਿੰਘ ਚੀਮਾ, ਮਹੇਸ਼ ਇੰਦਰ ਗਰੇਵਾਲ ਸਮੇਤ ਕਈ ਸਮਰਥਕ ਮੌਜੂਦ ਰਹੇ। ਮਨਪ੍ਰੀਤ ਦਿਆਲੀ ਨੇ ਕਿਹਾ ਕਿ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਖ਼ਰਾਬ ਹੋ ਚੁੱਕੀ ਹੈ ਜੇਕਰ ਇਹ ਠੀਕ ਨਾ ਹੋਈ ਤਾਂ ਵੋਟਿੰਗ ਦੇ ਦੌਰਾਨ ਗੋਲ਼ੀਆਂ ਵੀ ਚੱਲ ਸਕਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਵਰਕਰਾਂ 'ਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਲਜੀਤ ਸਿੰਘ ਚੀਮਾ, ਬਿਕਰਮ ਮਜੀਠੀਆ ਅਤੇ ਮਨਪ੍ਰੀਤ ਇਆਲੀ ਨੇ ਕਿਹਾ ਕਿ ਉਨ੍ਹਾਂ ਨਾਲ ਧੱਕੇਸ਼ਾਹੀ ਹੋ ਰਹੀ ਹੈ ਜਬਰਨ ਅਕਾਲੀ ਵਰਕਰਾਂ ਨੂੰ ਪੁਲਿਸ ਘਰੋਂ ਚੁੱਕ ਰਹੀ ਹੈ, ਉਨ੍ਹਾਂ ਦੀਆਂ ਮਾਵਾਂ ਭੈਣਾਂ ਨਾਲ ਬਦਸਲੂਕੀ ਕੀਤੀ ਜਾ ਰਹੀ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸ ਪੂਰੀ ਬੌਖਲਾ ਗਈ ਹੈ ਅਤੇ ਡੰਡੇ ਦੇ ਸਿਰ ਤੇ ਪੁਲਿਸ ਰਾਹੀਂ ਚੋਣ ਜਿੱਤਣ ਦੀ ਕੋਸ਼ਿਸ਼ ਕਰ ਰਹੀ ਹੈ।
ਉੱਧਰ ਮਨਪ੍ਰੀਤ ਇਯਾਲੀ ਨੇ ਕਿਹਾ ਕਿ ਉਹ ਖੁਦ ਅੱਜ ਪੁਲਿਸ ਨੂੰ ਗ੍ਰਿਫ਼ਤਾਰੀ ਦੇਣ ਆਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਵਰਕਰਾਂ ਨੂੰ ਛੱਡ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇ। ਮਨਪ੍ਰੀਤ ਨੇ ਕਿਹਾ ਕਿ ਉਹ ਧੱਕੇਸ਼ਾਹੀ ਕਿਸੇ ਵੀ ਸੂਰਤ 'ਚ ਨਹੀਂ ਹੋਣ ਦੇਣਗੇ। ਉੱਥੇ ਹੀ ਮੁੱਲਾਂਪੁਰ ਦਾਖਾ ਦੇ ਐੱਸਐੱਸਪੀ ਸੰਦੀਪ ਗੋਇਲ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਗੇ ਅਤੇ ਕਾਨੂੰਨ ਵਿਵਸਥਾ ਨੂੰ ਕਿਸੇ ਵੀ ਹਾਲਤ 'ਚ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ।