ਲੁਧਿਆਣਾ: ਕੋਰੋਨਾ ਦੀ ਵੈਕਸੀਨ ਨੂੰ ਨਿੱਜੀ ਹਸਪਤਾਲਾਂ ਨੂੰ ਵੇਚਣ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ਦੇ ਨਿਸ਼ਾਨੇ 'ਤੇ ਹੁਣ ਸੂਬਾ ਸਰਕਾਰ ਆ ਗਈ ਹੈ। ਇਸ ਨੂੰ ਲੈਕੇ ਅਕਾਲੀ ਦਲ ਦੇ ਪ੍ਰਧਾਨ ਪਹਿਲਾਂ ਹੀ ਇਸ ਮਾਮਲੇ 'ਤੇ ਪ੍ਰੈਸ ਕਾਨਫ਼ਰੰਸ ਕਰ ਚੁੱਕੇ ਹਨ ਅਤੇ ਹੁਣ ਸੁਖਬੀਰ ਬਾਦਲ ਦੀ ਅਗਵਾਈ 'ਚ ਅੱਜ ਚੰਡੀਗੜ੍ਹ ਵਿਖੇ ਅਕਾਲੀ ਦਲ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਵਲੋਂ ਸਿਹਤ ਮੰਤਰੀ ਬਲਬੀਰ ਸਿੱਧੂ ਦੇ ਅਸਤੀਫੇ ਦੀ ਮੰਗ ਕੀਤੀ ਜਾਵੇਗੀ। ਜਿਸ ਸਬੰਧੀ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਜਾਣਕਾਰੀ ਸਾਂਝੀ ਕੀਤੀ ਹੈ।
ਇਸ ਮੌਕੇ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਇਕ ਪਾਸੇ ਤਾਂ ਕੋਰੋਨਾ ਮਹਾਂਮਾਰੀ ਨਾਲ ਲੋਕਾਂ ਦੀ ਮੌਤ ਹੋ ਰਹੀ ਹੈ ਅਤੇ ਦੂਜੇ ਪਾਸੇ ਪੰਜਾਬ ਸਰਕਾਰ ਲੋਕਾਂ ਨੂੰ ਮੁਫ਼ਤ ਟੀਕਾ ਲਗਾਉਣ ਦੀ ਥਾਂ ਉਨ੍ਹਾਂ ਦੀ ਜਾਨ ਬਚਾਉਣ ਦੀ ਥਾਂ ਸਗੋਂ ਟੀਕਾ ਵੇਚ ਕੇ ਮੁਨਾਫਾ ਕਮਾ ਰਹੀ ਹੈ, ਜੋ ਕਿ ਬੇਹੱਦ ਸ਼ਰਮਨਾਕ ਗੱਲ ਹੈ। ਉਨ੍ਹਾਂ ਕਿਹਾ ਇਸ ਤੋਂ ਵੱਡੀ ਗੱਲ ਇਹ ਹੈ ਕਿ ਬਲਬੀਰ ਸਿੱਧੂ ਇਸ ਪੂਰੇ ਮਾਮਲੇ ਤੋਂ ਬਾਅਦ ਇਹ ਬਿਆਨ ਦਿੰਦੇ ਹਨ ਕਿ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਜਿਸ ਵਿਭਾਗ ਦੇ ਮੰਤਰੀ ਹਨ ਉਨ੍ਹਾਂ ਨੂੰ ਆਪਣੇ ਵਿਭਾਗ ਬਾਰੇ ਵੀ ਜੇਕਰ ਜਾਣਕਾਰੀ ਨਹੀਂ ਹੈ ਤਾਂ ਉਨ੍ਹਾਂ ਨੂੰ ਸਿਹਤ ਮੰਤਰੀ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਚੰਡੀਗੜ੍ਹ ਵਿਖੇ ਇਸੇ ਮਾਮਲੇ 'ਤੇ ਅਕਾਲੀ ਦਲ ਪ੍ਰਦਰਸ਼ਨ ਕਰੇਗਾ ਅਤੇ ਕੋਵਿਡ ਨਿਯਮਾਂ ਦੇ ਮੱਦੇਨਜ਼ਰ ਸਿਰਫ਼ ਹਲਕਿਆਂ ਦੇ ਮੁੱਖ ਨੁਮਾਇੰਦੇ ਹੀ ਉੱਥੇ ਪਹੁੰਚਣਗੇ।
ਇਹ ਵੀ ਪੜ੍ਹੋ:Punjab Corona Update: ਪੰਜਾਬ 'ਚ ਕੋਰੋਨਾ ਦੀ ਰਫ਼ਤਾਰ ਨੂੰ ਲੱਗੀ ਬ੍ਰੇਕ