ਲੁਧਿਆਣਾ: ਦਾਖਾ ਵਿੱਚ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ਉੱਤੇ ਹਨ। ਚੋਣ ਕਮਿਸ਼ਨ ਵਲੋਂ ਬੂੱਥਾਂ ਉੱਤੇ ਪੋਲਿੰਗ ਪਾਰਟੀਆਂ ਨੂੰ ਭੇਜ ਦਿੱਤਾ ਗਿਆ ਹੈ। ਦਾਖ਼ਾ ਜ਼ਿਮਨੀ ਚੋਣ ਲਈ ਪੈਟਰੋਲਿੰਗ ਦੀਆਂ 30 ਪਾਰਟੀਆਂ ਬਣਾਈਆਂ ਗਈਆਂ ਹਨ। ਗੱਲ ਦੀ ਜਾਣਕਾਰੀ ਦਿੰਦਿਆਂ ਡੀਸੀ ਪ੍ਰਦੀਪ ਅਗਰਵਾਲ ਨੇ ਕਿਹਾ ਕਿ 21 ਅਕਤੂਬਰ, ਸੋਮਵਾਰ ਨੂੰ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ।
ਮੁੱਲਾਂਪੁਰ ਦਾਖਾ ਦੀ ਚੋਣ ਲਈ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 220 ਪੋਲਿੰਗ ਬੂਥ ਇਸ ਲਈ ਬਣਾਏ ਗਏ ਹਨ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਬੂਥਾਂ ਚੋਂ ਕਈ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਹਨ, ਜਿਨ੍ਹਾਂ 'ਤੇ ਸੁਰੱਖਿਆ ਦਾ ਸਖ਼ਤ ਪਹਿਰਾ ਹੋਵੇਗਾ।
ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਕਿਹਾ ਕਿ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੇ ਬਾਹਰ ਵੀ ਕੈਮਰੇ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੈਰਾਮਿਲਟਰੀ ਫ਼ੋਰਸ ਦੀ ਵੀ ਤੈਨਾਤੀ ਕੀਤੀ ਗਈ ਹੈ।
ਇਹ ਵੀ ਪੜ੍ਹੋ: ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ ਵਿੱਚ ਤਬਾਹ ਕੀਤੇ ਦਹਿਸ਼ਤਗਰਦਾਂ ਦੇ ਟਿਕਾਣੇ
ਡਿਪਟੀ ਕਮਿਸ਼ਨਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸਾਰੇ ਹੀ ਉਮੀਦਵਾਰ ਪ੍ਰਬੰਧਾਂ ਨੂੰ ਲੈ ਕੇ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਪਾਰਟੀਆਂ ਨੂੰ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਅਤੇ ਈਵੀਐਮ ਮਸ਼ੀਨਾਂ ਰਾਹੀਂ ਵੋਟਿੰਗ ਹੋਵੇਗੀ ਅਤੇ ਪੋਲਿੰਗ ਪਾਰਟੀਆਂ ਦੇ ਨਾਲ ਵੀ ਸੁਰੱਖਿਆ ਮੁਲਾਜ਼ਮ ਭੇਜੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਦਾਖਾ ਦੇ ਲੋਕ ਵੱਧ ਤੋਂ ਵੱਧ ਵੋਟ ਕਾਸਟ ਕਰਨਗੇ।