ਲੁਧਿਆਣਾ: ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਬਸੰਤ ਪਾਰਕ ਲੁਧਿਆਣਾ ਵਿੱਚ ਤਾਇਨਾਤ ਏਐੱਸਆਈ ਜਰਨੈਲ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਹੈ ਜਿਸ ਦੀ ਪੁਸ਼ਟੀ ਲੁਧਿਆਣਾ ਪੁਲਿਸ ਕਮਿਸ਼ਨਰ ਨੇ ਕੀਤੀ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਿਛਲੇ ਦਿਨੀਂ ਅੰਮ੍ਰਿਤਪਾਲ ਅਤੇ ਪਰਵਿੰਦਰ ਕੁਮਾਰ ਨੂੰ ਬਸੰਤ ਪਾਰਕ ਪੁਲਿਸ ਨੇ 1 ਗ੍ਰਾਮ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਸੀ, ਪਰ ਬਾਅਦ 'ਚ ਬਸੰਤ ਪਾਰਕ ਦੇ ਏ.ਐੱਸ.ਆਈ ਨੇ 1 ਲੱਖ ਰੁਪਏ ਦੀ ਰਿਸ਼ਵਤ ਮੰਗ ਕੇ ਬਿਨਾਂ ਕਾਰਵਾਈ ਕੀਤੇ ਮੁਲਜ਼ਮਾਂ ਨੂੰ ਛੱਡ ਦਿੱਤਾ। ਜਿਸ ਤੋਂ ਬਾਅਦ ਜਰਨੈਲ ਸਿੰਘ ਅਤੇ ਮੁਲਜ਼ਮਾਂ ਵਿਚਕਾਰ 70,000 ਰੁਪਏ ਵਿੱਚ ਸੌਦਾ ਤੈਅ ਹੋਇਆ। ਉਨ੍ਹਾਂ ਕਿਹਾ ਕਿ ਏਐੱਸਆਈ ਦੀ ਇਸ ਹਰਕਤ ਬਾਰੇ ਪੁਲਿਸ ਨੂੰ ਪਤਾ ਲੱਗਾ ਅਤੇ ਰਿਸ਼ਵਤ ਦੇਣ ਵਾਲੇ ਮੁਲਜ਼ਮਾਂ ਦੇ ਨਾਲ-ਨਾਲ ਰਿਸ਼ਵਤ ਲੈਣ ਵਾਲੇ ਪੁਲਿਸ ਮੁਲਾਜ਼ਮ ਜਰਨੈਲ ਸਿੰਘ ਨੂੰ ਵੀ ਕਾਬੂ ਕਰ ਲਿਆ ਗਿਆ ।
ਮੁਲਜ਼ਮ ਅਤੇ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ: ਮਾਮਲੇ ਸਬੰਧੀ ਪ੍ਰੈੱਸ ਕਾਨਫਰੰਸ ਕਰਦੇ ਹੋਏ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਸਪੱਸ਼ਟ ਕਿਹਾ ਹੈ ਕਿ ਜੋ ਵੀ ਡਰੱਗ ਰੈਕੇਟ 'ਚ ਸ਼ਾਮਲ ਹੋਵੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਬਸੰਤ ਪਾਰਕ ਦੇ ਏਐਸਆਈ ਜਰਨੈਲ ਸਿੰਘ ਅਤੇ ਇਨ੍ਹਾਂ ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਮੁਲਜ਼ਮ ਪੁਲਿਸ ਮੁਲਾਜ਼ਮ ਨੇ ਰਿਸ਼ਵਤ ਲੈਂਦਿਆਂ ਬਿਨਾਂ ਕੋਈ ਕਾਰਵਾਈ ਕੀਤੇ ਇਨ੍ਹਾ ਮੁਲਜ਼ਮਾਂ ਨੂੰ ਛੱਡ ਦਿੱਤਾ ਸੀ, ਜਿਸ ਤੋਂ ਬਾਅਦ ਪੁਲਿਸ ਨੇ ਨਾ ਸਿਰਫ਼ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸਗੋਂ ਏਐੱਸਆਈ ਖ਼ਿਲਾਫ਼ ਕਾਰਵਾਈ ਵੀ ਕੀਤੀ। ਫੜੇ ਗਏ ਦੋਵਾਂ ਮੁਲਜ਼ਮਾਂ ਕੋਲੋਂ ਕਰੀਬ 13 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਪੁਲਿਸ ਕਮਿਸ਼ਨਰ ਨੇ ਹੋਰ ਅਧਿਕਾਰੀਆਂ ਨੂੰ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਨਸ਼ਾ ਤਸਕਰਾਂ ਨੂੰ ਕੋਈ ਰਾਹਤ ਦਿੰਦੇ ਹਨ ਜਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਗੁਰੇਜ਼ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਆਮਦਨ ਦੇ ਸਰੋਤਾਂ ਦਾ ਵੀ ਲਿਆ ਜਾਵੇਗਾ ਵੇਰਵਾ: ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ ਰਿਸ਼ਵਤਖੋਰਾਂ ਅਤੇ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਦੀ ਨੀਤੀ ਨੂੰ ਕਾਇਮ ਰੱਖਿਆ ਜਾਵੇਗਾ ਅਤੇ ਗ੍ਰਿਫ਼ਤਾਰ ਕੀਤੇ ਗਏ ਏਐੱਸਆਈ ਦੇ ਆਮਦਨ ਦੇ ਸਰੋਤਾਂ ਅਤੇ ਸੰਪੱਤੀ ਸਬੰਧੀ ਸਾਰੇ ਵੇਰਵੇ ਵੀ ਇਕੱਠੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਆਮਦਨ ਦੇ ਸ੍ਰੋਤਾਂ ਤੋਂ ਵੱਧ ਜਾਇਦਾਦ ਮੁਲਜ਼ਮ ਏਐੱਸਾਈ ਦੀ ਪਾਈ ਜਾਂਦੀ ਹੈ ਤਾਂ ਉਸ ਨੂੰ ਵੀ ਜ਼ਬਤ ਕੀਤਾ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮ ਏਐੱਸਆਈ ਉੱਤੇ ਐੱਨਡੀਪੀਐੱਸ ਐਕਟ ਦੀਆਂ ਧਾਰਵਾਂ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਅੰਮ੍ਰਿਤਪਾਲ ਦੇ ਸਾਥੀ ਦਲਜੀਤ ਕਲਸੀ ਦੇ ਗੈਂਗਸਟਰਾਂ ਨਾਲ ਸਬੰਧ, ਗੈਂਗਸਟਰਾਂ ਨਾਲ ਮਿਲ ਕੇ ਮੰਗਦਾ ਸੀ ਫਿਰੌਤੀ !