ਲੁਧਿਆਣਾ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022 ) ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਪੰਜਾਬ 'ਚ ਸਰਕਾਰ ਬਣਾਉਣ ਲਈ ਸਾਰੀਆਂ ਹੀ ਪਾਰਟੀਆਂ ਚੋਣ ਪ੍ਰਚਾਰ ਵਿੱਚ ਰੁੱਝੀਆਂ ਹੋਈਆਂ ਹਨ। ਕੇਂਦਰ ਦੇ ਲੀਡਰ ਆਪਣੀਆਂ ਪਾਰਟੀਆਂ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਪਹੁੰਚੇ ਹੋਏ ਹਨ।
ਇਸ ਦੌਰਾਨ ਪੰਜਾਬ ਦੇ ਲੋਕ ਇਸ ਬਣੇ ਮਾਹੌਲ ਨੂੰ ਕਿਸ ਤਰ੍ਹਾਂ ਵੇਖ ਰਹੇ ਹਨ ਅਤੇ ਉਹ ਕਿਸਦੀ ਸੂਬੇ ਵਿੱਚ ਸਰਕਾਰ ਦੇਖਣਾ ਚਾਹੁੰਦੇ ਹਨ। ਇਸ ਨੂੰ ਲੈ ਕੇ ਈਟੀਵੀ ਭਾਰਤ ਦੀ ਟੀਮ ਵੱਲੋਂ ਆਮ ਲੋਕਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਇਸ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਹੈ।
ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪਿੰਡਾਂ ਨੇ ਦੱਸਿਆ ਕਿ ਅਕਾਲੀ ਕਾਂਗਰਸੀਆਂ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਪਾਰਟੀ ਦਾ ਕੋਈ ਜ਼ਿਆਦਾ ਅਸਰ ਨਹੀਂ ਹੈ।
ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਚੋਣ ਕਮਿਸ਼ਨ ਵੱਲੋਂ ਪੰਜਾਬੀ ਦੀ ਛੋਟ ਦਿੱਤੀ ਜਾ ਰਹੀ ਹੈ ਅਤੇ ਸਮਰੱਥਾ ਦੇ ਮੁਤਾਬਿਕ 50 ਫ਼ੀਸਦੀ ਤੱਕ ਦਾ ਇਕੱਠ ਕਰਨ ਦੀ ਛੋਟ ਦਿੱਤੀ ਗਈ ਹੈ, ਜਿਸ ਨੂੰ ਲੈ ਕੇ ਹੁਣ ਪਿੰਡਾਂ ਦੇ ਵਿੱਚ ਮੁੜ ਤੋਂ ਚੋਣਾਂ ਵਾਲਾ ਮਾਹੌਲ ਬਣਨ ਲੱਗਾ ਹੈ ਪਿੰਡਾਂ ਦੇ ਵਿੱਚ ਜਨਸਭਾਵਾਂ ਨੁੱਕੜ ਮੀਟਿੰਗਾਂ ਹੋ ਰਹੀਆਂ ਹਨ।
ਲੁਧਿਆਣਾ ਵਿਧਾਨ ਸਭਾ ਹਲਕਾ ਸਾਹਨੇਵਾਲ (Assembly constituency Sahnewal ) ਦੇ ਪਿੰਡ ਮਾਛੀਆਂ ਵਿਖੇ ਸਥਾਨਕ ਵਾਸੀਆਂ ਨਾਲ ਖਾਸ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਆਪਣੇ ਰੁਝਾਨ ਸਾਂਝੇ ਕੀਤੇ। ਸਥਾਨਕ ਵਾਸੀਆਂ ਨੇ ਦੱਸਿਆ ਕਿ ਉਹ ਪੰਜਾਬ ਵਿੱਚ ਚੋਣਾਂ ਨੂੰ ਲੈ ਕੇ ਕੀ ਸੋਚਦੇ ਹਨ।
ਇਸ ਦੌਰਾਨ ਉਨ੍ਹਾਂ ਕਈ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬੀਤੇ ਸਾਲਾਂ ਵਿੱਚ ਪਿੰਡਾਂ ਵਿੱਚ ਕੋਈ ਵਿਕਾਸ ਨਹੀਂ ਹੋਇਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਜੇਕਰ ਨਸ਼ਿਆਂ ਦੀ ਗੱਲ ਕੀਤੀ ਜਾਵੇ ਤਾਂ ਅੱਜ ਵੀ ਪਿੰਡਾਂ ਵਿੱਚ ਨਸ਼ਾ ਵਿਕਦਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਨੌਜਵਾਨ ਬੇਰੋਜ਼ਗਾਰ ਹਨ ਅਤੇ ਉਨ੍ਹਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ। ਉੁਨ੍ਹਾਂ ਕਿਹਾ ਕਿ ਰੁਜ਼ਗਾਰ ਨਾ ਮਿਲਣ ਦੇ ਚੱਲਦੇ ਮਜ਼ਬੂਰੀ ਵੱਸ ਉਨ੍ਹਾਂ ਨੂੰ ਬਾਹਰ ਜਾਣਾ ਪੈਂਦਾ ਹੈ।
ਨੌਜਵਾਨਾਂ ਨੇ ਕਿਹਾ ਕਿ ਇਲਾਕੇ ਵਿੱਚ ਇੰਡਸਟਰੀ ਤਾਂ ਖੁੱਲ੍ਹੀ ਪਰ ਉਨ੍ਹਾਂ ਨੂੰ ਨੌਕਰੀਆਂ ਨਹੀਂ ਮਿਲੀਆਂ। ਇਲਾਕਾ ਵਾਸੀਆਂ ਨੇ ਕਿਹਾ ਕਿ ਸਿਹਤ ਸਹੂਲਤਾਂ, ਸਿੱਖਿਆ ਦੇ ਮੁੱਦੇ ’ਤੇ ਵੀ ਆਮ ਲੋਕਾਂ ਨੂੰ ਕੋਈ ਸਹੂਲਤ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਹੁਣ ਪਿੰਡਾਂ ਵਿੱਚ ਲੋਕ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸਰਕਾਰਾਂ ਪਹਿਲੀਆਂ ਵੇਖ ਲਈਆਂ ਹਨ ਜਦਕਿ ਦੂਜੇ ਪਾਸੇ ਕਿਸਾਨਾਂ ਦੀ ਪਾਰਟੀ ਨੂੰ ਲੈ ਕੇ ਕੋਈ ਚੰਗਾ ਹੁੰਗਾਰਾ ਨਹੀਂ ਦਿੱਤਾ।
ਇਹ ਵੀ ਪੜ੍ਹੋ: ਕੀ ਬੇਅਦਬੀ, ਡਰੱਗਜ਼ ਤੇ ਮਾਈਨਿੰਗ ਮੁੱਦੇ ਬਨਣਗੇ ਮੈਨੀਫੈਸਟੋ ਦਾ ਹਿੱਸਾ?