ਲੁਧਿਆਣਾ: ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਉੱਤੇ ਅੱਜ ਲੁਧਿਆਣਾ ਦੀ ਕਾਂਗਰਸ ਲੀਡਰਸ਼ਿਪ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਬੀਤੇ ਚਾਰ ਸਾਲਾਂ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਸਬੰਧੀ ਇਕ ਬੁੱਕਲੈਟ ਵੀ ਜਾਰੀ ਕੀਤੀ ਗਈ।
ਇਸ ਦੌਰਾਨ ਲੁਧਿਆਣਾ ਦੇ ਵਿਧਾਇਕ ਸੁਰਿੰਦਰ ਡਾਵਰ, ਮੇਅਰ ਬਲਕਾਰ ਸੰਧੂ, ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਅਤੇ ਨਾਲ ਹੋਰ ਕਾਂਗਰਸ ਦੇ ਆਗੂ ਵੀ ਸ਼ਾਮਲ ਰਹੇ। ਇਸ ਦੌਰਾਨ ਪੱਤਰਕਾਰਾਂ ਵੱਲੋਂ ਜਦੋਂ ਲਗਾਤਾਰ ਲੁਧਿਆਣਾ ਦੇ ਵਿੱਚ ਰੁਕੇ ਹੋਏ ਵਿਕਾਸ ਕਾਰਜਾਂ ਸਬੰਧੀ ਸਵਾਲ ਕੀਤੇ ਗਏ ਤਾਂ ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨੂੰ ਪੰਜਾਬ ਸਬੰਧੀ ਸਵਾਲ ਪੁੱਛਣ ਬਾਰੇ ਟੋਕ ਦਿੱਤਾ।
ਵਿਧਾਇਕ ਸੁਰਿੰਦਰ ਡਾਵਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਸੂਬੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰਾਜੈਕਟ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਲੁਧਿਆਣਾ ਵਿੱਚ ਬੁੱਢੇ ਨਾਲੇ ਦੀ ਕਾਇਆ ਕਲਪ ਕਰਨ ਲਈ ਇਸ ਤੋਂ ਇਲਾਵਾ ਸੜਕਾਂ ਬਣਾਉਣ ਲਈ ਵੀ ਕਈ ਪ੍ਰੋਜੈਕਟ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਪਰ ਜਦੋਂ ਵਿਕਾਸ ਹੁੰਦਾ ਹੈ ਤਾਂ ਕੁਝ ਸਮਾਂ ਜ਼ਰੂਰ ਲੱਗਦਾ ਹੈ ਕਿਉਂਕਿ ਅਸੀਂ ਟਰੈਫਿਕ ਅਤੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕਰਨਾ ਚਾਹੁੰਦੇ।
ਵਿਧਾਇਕ ਡਾਬਰ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਸਬੰਧੀ ਅੱਜ ਮੁੱਖ ਮੰਤਰੀ ਵੱਲੋਂ ਵੀ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ।