ਲੁਧਿਆਣਾ: ਸੂਬੇ ਵਿੱਚ ਖੇਤੀ ਕਾਨੂਨਾਂ ਦਾ ਵਿਰੋਧ ਕਿਸਾਨਾਂ ਵੱਲੋਂ ਲਗਾਤਾਰ ਜਾਰੀ ਹੈ। ਕਿਸਾਨ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਇਸ ਲੜੀ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਐਮਬੀਡੀ ਮਾਲ ਦਾ ਘਿਰਾਓ ਕੀਤਾ ਗਿਆ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੋ ਰਿਲਾਇੰਸ ਨਾਲ ਸਬੰਧਤ ਸਟੋਰ ਨੇ ਉਨ੍ਹਾਂ ਨੂੰ ਤੁਰੰਤ ਬੰਦ ਕੀਤਾ ਜਾਵੇ, ਜਿਸ ਤੋਂ ਬਾਅਦ ਮਾਲ ਦੇ ਪ੍ਰਬੰਧਕਾਂ ਨੇ ਤੁਰੰਤ ਬਿਗ ਬਜ਼ਾਰ ਸਣੇ ਹੋਰ ਸਟੋਰ ਬੰਦ ਕਰਵਾ ਦਿੱਤੇ।
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਗੁਰਪ੍ਰੀਤ ਸਿੰਘ ਨੂਰਪੁਰਾ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਹੀ ਖੁਸ਼ ਕਰਨ ਲਈ ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ ਅਤੇ ਉਨਾਂ ਦੇ ਹੀ ਵਿਰੋਧ ਵਿੱਚ ਉਹ ਲਗਾਤਾਰ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਰਿਲਾਇੰਸ ਦਾ ਕਿਸਾਨ ਵਿਰੋਧ ਕਰ ਰਹੇ ਨੇ ਅਤੇ ਇਸ ਮਾਲ ਦੇ ਵਿੱਚ ਕਾਫੀ ਲੰਮੇ ਸਮੇਂ ਤੋਂ ਰਿਲਾਇੰਸ ਨਾਲ ਸਬੰਧਤ ਲਗਭੱਗ 5 ਸਟੋਰ ਚੱਲ ਰਹੇ ਸਨ ਜਿਨ੍ਹਾਂ ਨੂੰ ਕਿਸਾਨ ਯੂਨੀਅਨ ਵੱਲੋਂ ਬੰਦ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਇਹ ਮੁੜ ਤੋਂ ਖੁਲ ਗਏ ਤਾਂ ਉਹ ਪੂਰੇ ਮਾਲ ਨੂੰ ਹੀ ਬੰਦ ਕਰ ਦੇਣਗੇ ਅਤੇ ਮਾਲ ਦੇ ਬਾਹਰ ਪੱਕਾ ਧਰਨਾ ਲਾਉਣਗੇ। ਕਿਸਾਨਾਂ ਨੇ ਕਿਹਾ ਕਿ ਮਾਲ ਦੇ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕੀ ਇਹ ਸਟੋਰ ਬੰਦ ਰਹਿਣਗੇ।