ਲੁਧਿਆਣਾ: ਪਿੰਡ ਮੁੰਡੀਆਂ ਕਲਾਂ 'ਚ ਬੀਤੀ ਰਾਤ ਲੋਹੇ ਦੀ ਫ਼ੈਕਟਰੀ 'ਚ ਧਮਾਕਾ ਹੋਣ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦ ਕਿ ਦਰਜਨਾਂ ਹੀ ਮਜ਼ਦੂਰ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਵਿੱਚੋਂ 2 ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ ਅਤੇ ਬਾਕੀ ਲੁਧਿਆਣਾ ਦੇ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਹਨ।
ਫੈਕਟਰੀ ਦੇ ਮਜ਼ਦੂਰਾਂ ਨੇ ਦੱਸਿਆ ਕਿ ਦੇਰ ਰਾਤ ਜਦੋਂ ਕੰਮ ਚੱਲ ਰਿਹਾ ਸੀ ਤਾਂ ਅਚਾਨਕ ਭੱਠੀ ਦਾ ਪਾਈਪ ਫਟਣ ਕਰਕੇ ਧਮਾਕਾ ਹੋ ਗਿਆ ਅਤੇ ਇਸ ਨਾਲ ਕਈ ਲੋਕ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਕਈਆਂ ਨੂੰ ਵੱਧ ਅਤੇ ਕਈਆਂ ਨੂੰ ਮਾਮੂਲੀ ਸੱਟਾਂ ਵੱਜੀਆਂ ਹਨ। ਲਗਭਗ ਇੱਕ ਦਰਜਨ ਲੋਕ ਉਸ ਸਮੇਂ ਫ਼ੈਕਟਰੀ 'ਚ ਮੌਜੂਦ ਸਨ।
ਲੁਧਿਆਣਾ ਸਿਵਲ ਹਸਪਤਾਲ ਐਮਰਜੈਂਸੀ ਦੇ ਡਾਕਟਰ ਨੇ ਦੱਸਿਆ ਕਿ ਰਾਤ 2 ਵਜੇ ਦੇ ਕਰੀਬ ਉਨ੍ਹਾਂ ਕੋਲ 12 ਮਰੀਜ਼ ਲਿਆਂਦੇ ਗਏ ਸਨ ਜਿਨ੍ਹਾਂ 'ਚੋਂ ਦੋ ਦੀ ਹਾਲਤ ਗੰਭੀਰ ਸੀ ਅਤੇ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਜਦ ਕਿ ਇੱਕ ਦੀ ਮੌਤ ਹੋ ਚੁੱਕੀ ਸੀ।
ਫਿਲਹਾਲ ਭੱਠੀ ਦਾ ਪਾਈਪ ਕਿਵੇਂ ਫਟਿਆ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਖਮੀਆਂ ਦਾ ਇਲਾਜ ਲੁਧਿਆਣਾ ਅਤੇ ਪਟਿਆਲਾ ਦੇ ਹਸਪਤਾਲਾਂ ਵਿੱਚ ਚੱਲ ਰਿਹਾ ਹੈ।