ਲੁਧਿਆਣਾ: ਗਣਤੰਤਰ ਦਿਵਸ ਮੌਕੇ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਦੇ ਵਿੱਚ ਪੰਜਾਬ ਕੈਬਿਨੇਟ ਮੰਤਰੀ ਅਰੁਣਾ ਚੌਧਰੀ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਦੇਸ਼ ਵਾਸੀਆਂ ਨੂੰ ਗਣਤੰਤਰ ਦਿਹਾੜੇ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੇ ਖ਼ਿਲਾਫ਼ ਹੋ ਰਹੇ ਜੁਲਮਾਂ ਨੂੰ ਲੈ ਕੇ ਕਾਫੀ ਸਖ਼ਤ ਹੈ ਅਤੇ ਇਸ ਨੂੰ ਲੈ ਕੇ ਸਰਕਾਰ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ।
ਆਪਣੇ ਸੰਬੋਧਨ 'ਚ ਕੈਬਿਨੇਟ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਸੂਬੇ ਦੇ ਵਿਚ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਉਨ੍ਹਾਂ ਨੂੰ ਸਮਾਰਟ ਬਣਾਇਆ ਜਾ ਰਿਹਾ ਹੈ ਅਤੇ ਇਸ ਦੇ ਤਹਿਤ ਲੁਧਿਆਣਾ 'ਚ ਵੀ ਕਈ ਸਕੂਲਾਂ ਨੂੰ ਸਮਾਰਟ ਸਕੂਲ 'ਚ ਤਬਦੀਲ ਕੀਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਲੁਧਿਆਣਾ ਪੰਜਾਬ ਦਾ ਸਭ ਤੋਂ ਵੱਡਾ ਸ਼ਹਿਰ ਹੈ ਅਤੇ ਇਸ ਦੀ ਵਸੋਂ ਵੀ ਕਾਫੀ ਵੱਡੀ ਹੈ, ਜਿਸ ਨੂੰ ਲੈ ਕੇ ਲੁਧਿਆਣਾ 'ਚ ਲਗਾਤਾਰ ਰੁਜ਼ਗਾਰ ਮੇਲੇ ਵੀ ਲਗਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਮਿਲ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ।
ਇਹ ਵੀ ਪੜੋ: ਗਣਤੰਤਰ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਦਿੱਤੀ ਵਧਾਈ
ਇਸ ਮੌਕੇ ਕੈਬਿਨੇਟ ਮੰਤਰੀ ਅਰੁਣਾ ਚੌਧਰੀ ਨੇ ਪੰਜਾਬ ਸਰਕਾਰ ਦੀਆਂ ਬੀਤੇ ਸਾਲ ਦੀਆਂ ਉਪਲੱਬਧੀਆਂ ਵੀ ਗਿਣਾਈਆਂ ਅਤੇ ਕਿਹਾ ਕਿ ਸਰਕਾਰ ਨੇ ਸੂਬੇ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਹੈ ਅਤੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ ਉਨ੍ਹਾਂ ਕਿਹਾ ਕਿ ਸਰਕਾਰ ਨੇ ਜੋ ਕਿਹਾ ਉਹ ਕਰਕੇ ਵਿਖਾਇਆ ਅਤੇ ਕਰਕੇ ਵਿਖਾਵਾਂਗੇ