ਲੁਧਿਆਣਾ: ਸਯੁੰਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੇਸ਼ ਭਰ ਵਿੱਚ 3 ਸੂਬਿਆਂ (ਦਿੱਲੀ (NCR), ਉਤਰਾਖੰਡ ਤੇ ਉਤਰ ਪ੍ਰਦੇਸ਼) ਨੂੰ ਛੱਡ ਕੇ ਚੱਕਾ ਜਾਮ ਕੀਤਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਲੁਧਿਆਣਾ ਦੇ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵੱਡੀ ਤਾਦਾਦ ਵਿੱਚ ਇਕੱਠ ਕਰਕੇ ਚੱਕਾ ਜਾਮ ਕੀਤਾ ਗਿਆ। ਇਸ ਦੌਰਾਨ ਸਿਰਫ ਐਮਰਜੈਂਸੀ ਸੇਵਾਵਾਂ ਹੀ ਚਲਦੀਆਂ ਰਹੀਆਂ। ਲੁਧਿਆਣਾ ਦੇ ਫਿਰੋਜ਼ਪੁਰ ਮਾਰਗ 'ਤੇ ਪੱਕੇ ਤੌਰ 'ਤੇ ਕਿਸਾਨਾਂ ਵੱਲੋਂ ਧਰਨਾ ਲਾਇਆ ਗਿਆ। ਉਨ੍ਹਾਂ ਨੇ ਕਿਹਾ ਉਹ ਦਿੱਲੀ ਤੋਂ ਵਿਸ਼ੇਸ਼ ਤੌਰ 'ਤੇ ਚੱਕਾ ਜਾਮ ਲਈ ਪੰਜਾਬ ਪਹੁੰਚੇ ਹਨ।
'ਦਰਜਨਾਂ ਮੀਟਿੰਗਾਂ ਹੋਈਆਂ, ਪਰ ਕੋਈ ਹੱਲ ਨਹੀਂ'
ਈਟੀਵੀ ਭਾਰਤ ਦੀ ਟੀਮ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜਨਰਲ ਸਕੱਤਰ ਸੌਦਾਗਰ ਸਿੰਘ ਨੇ ਦੱਸਿਆ ਕਿ ਉਹ ਲਗਾਤਾਰ ਕਿਸਾਨੀ ਮੋਰਚੇ 'ਤੇ ਡਟੇ ਹੋਏ ਹਨ ਅਤੇ ਅੱਜ ਤਿੰਨ ਘੰਟੇ ਲਈ ਚੱਕਾ ਜਾਮ ਕੀਤਾ ਗਿਆ ਹੈ।
ਖੇਤੀ ਮੰਤਰੀ ਵੱਲੋਂ ਬੀਤੇ ਦਿਨ ਰਾਜ ਸਭਾ ਵਿੱਚ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਉਨ੍ਹਾਂ ਨੇ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਇਕ ਦਰਜਨ ਦੇ ਲਗਭਗ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਹਾਲੇ ਤੱਕ ਮਸਲੇ ਦਾ ਕੋਈ ਹੱਲ ਨਹੀਂ ਕੱਢਿਆ। ਉਨ੍ਹਾਂ ਕਿਹਾ ਕਿ ਉਹ ਕਾਨੂੰਨਾਂ ਦੀਆਂ ਕਮੀਆਂ ਕਈ ਵਾਰ ਦੱਸ ਚੁੱਕੇ ਹਨ, ਪਰ ਹਾਲੇ ਤੱਕ ਸਰਕਾਰ ਇਸ ਨੂੰ ਰੱਦ ਕਰਨ ਲਈ ਤਿਆਰ ਨਹੀਂ ਹੋ ਰਹੀ।
ਉਨ੍ਹਾਂ ਦੱਸਿਆ ਕਿ, ਉਹ ਵਿਸ਼ੇਸ਼ ਤੌਰ 'ਤੇ ਦਿੱਲੀ ਤੋਂ ਧਰਨੇ ਵਿੱਚ ਸ਼ਾਮਿਲ ਹੋਣ ਆਏ ਹਨ। ਸਰਕਾਰ ਨੂੰ ਜਗਾਉਣ ਲਈ ਉਨ੍ਹਾਂ ਵੱਲੋਂ ਇਹ ਚੱਕਾ ਜਾਮ ਦਾ ਸੱਦਾ ਦਿੱਤਾ ਗਿਆ ਅਤੇ ਸ਼ਾਂਤਮਈ ਢੰਗ ਨਾਲ ਚੱਕਾ ਜਾਮ ਕੀਤਾ ਜਾ ਰਿਹਾ ਹੈ।