ਲੁਧਿਆਣਾ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਬਜਟ ਪੇਸ਼ ਕਰ ਦਿੱਤਾ ਗਿਆ ਹੈ। ਜੇਕਰ ਗੱਲ ਖੇਤੀਬਾੜੀ ਦੀ ਕੀਤੀ ਜਾਵੇ ਤਾਂ ਖੇਤੀਬਾੜੀ ਦੇ ਵਿੱਚ ਵੱਡੇ-ਵੱਡੇ ਦਾਅਵੇ ਤਾਂ ਕੀਤੇ ਗਏ ਹਨ। ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਕਹੀ ਗਈ ਹੈ ਪਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਰਥ ਸ਼ਾਸਤਰੀ ਡਾ. ਸੁਖਪਾਲ ਸਿੰਘ ਨੇ ਇਨ੍ਹਾਂ ਸਾਰੇ ਦਾਅਵਿਆਂ ਨੂੰ ਨਾਕਾਫ਼ੀ ਦੱਸਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਇਸ ਦਾ ਸਿੱਧਾ ਕੋਈ ਫਾਇਦਾ ਨਹੀਂ ਮਿਲਣ ਵਾਲਾ ਹੈ। ਉਨ੍ਹਾਂ ਕਿਹਾ ਕਿ ਇਹ ਕਾਰਪੋਰੇਟਾਂ ਲਈ ਬਜਟ ਹੈ। ਕਿਸਾਨਾਂ ਦੀ ਇਨਕਮ ਦੁੱਗਣੀ ਇਸ ਬਜਟ ਦੇ ਵਿੱਚ ਕਿਤੇ ਵੀ ਨਹੀਂ ਹੋ ਰਹੀਂ ਹੈ।
ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਡਾ. ਸੁਖਪਾਲ ਸਿੰਘ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੇ ਚੱਲਦਿਆਂ ਇਸ ਵਾਰ ਉਮੀਦ ਸੀ ਕਿ ਸ਼ਾਇਦ ਸਰਕਾਰ ਖੇਤੀਬਾੜੀ ਸੈਕਟਰ ਵਿੱਚ ਕਿਸਾਨਾਂ ਨੂੰ ਕੋਈ ਵੱਡੀ ਰਾਹਤ ਦੇਵੇਗੀ ਪਰ ਉਮੀਦ ਮੁਤਾਬਕ ਅਜਿਹਾ ਕੁਝ ਵੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਾ ਤਾਂ ਕਿਸਾਨਾਂ ਨੂੰ ਸਾਲਾਨਾ 6 ਹਜ਼ਾਰ ਰੁਪਏ ਦੇਣ ਵਾਲੀ ਰਕਮ ਦੇ ਵਿੱਚ ਕੋਈ ਵਾਅਦਾ ਕੀਤਾ ਹੈ ਅਤੇ ਨਾ ਹੀ ਐਮਐਸਪੀ ਦੇਸ਼ ਵਿੱਚ ਕਿਸਾਨਾਂ ਨੂੰ ਕੋਈ ਫ਼ਾਇਦਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਕਾਰਪੋਰੇਟ ਘਰਾਣਿਆਂ ਲਈ ਬਜਟ ਬਣਾਇਆ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਕੋਈ ਫ਼ਾਇਦਾ ਨਹੀਂ ਹੋਣਾ। ਉਨ੍ਹਾਂ ਨੇ ਇਸ ਬਜਟ ਨੂੰ ਕਿਸਾਨ ਵਿਰੋਧੀ ਦੱਸਿਆ ਹੈ ਅਤੇ ਕਿਹਾ ਹੈ ਕਿ ਇਹ ਕਿਸਾਨਾਂ ਦੇ ਪੱਖ ਵਿੱਚ ਨਹੀਂ ਹੈ।