ਲੁਧਿਆਣਾ: ਡੇਰਾਵਾਦ ਨੂੰ ਲੈ ਕੇ ਪੰਜਾਬ ਦੀ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ। ਬੀਤੇ ਦਿਨੀਂ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਲੁਧਿਆਣਾ 'ਚ ਪ੍ਰੈੱਸ ਕਾਨਫ਼ਰੰਸ ਕਰਕੇ ਕਾਂਗਰਸ ਦੇ ਨਾਲ ਡੇਰਾ ਸੱਚਾ ਸੌਦਾ ਦੀ ਗੰਢ ਤੁੱਪ ਹੋਣ ਦੇ ਇਲਜ਼ਾਮ ਲਾਏ ਸਨ ਜਿਸ ਨੂੰ ਲੈ ਕੇ ਲੁਧਿਆਣਾ ਤੋਂ ਕਾਂਗਰਸ ਦੇ ਵਿਧਾਇਕ ਕੁਲਦੀਪ ਵੈਦ ਈਟੀਵੀ ਭਾਰਤ ਨੇ ਖ਼ਾਸ ਗੱਲਬਾਤ ਕੀਤੀ।
ਵੈਦ ਨੇ ਕਿਹਾ ਕਿ ਇਹ ਪੂਰੀ ਦੁਨੀਆ ਜਾਣ ਗਈ ਹੈ ਕਿ ਅਕਾਲੀ ਦਲ ਨੇ ਹੀ ਰਾਮ ਰਹੀਮ ਨੂੰ ਸ੍ਰੀ ਅਕਾਲ ਤਖ਼ਤ ਤੋਂ ਮੁਆਫ਼ੀ ਦਵਾਈ ਸੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਲਾਏ। ਉਨ੍ਹਾਂ ਕਿਹਾ ਕਿ ਲੌਂਗੋਵਾਲ ਨੂੰ ਐਸਜੀਪੀਸੀ ਦੇ ਪ੍ਰਧਾਨ ਵਾਂਗ ਗੱਲ ਕਰਨੀ ਚਾਹੀਦੀ ਹੈ ਨਾ ਕਿ ਅਕਾਲੀ ਦਲ ਦੇ ਪ੍ਰਚਾਰਕ ਬਣਕੇ।
ਜਦੋਂ ਕੁਲਦੀਪ ਵੈਦ ਤੋਂ ਪੁੱਛਿਆ ਗਿਆ ਕਿ ਅਕਾਲੀ ਦਲ ਨੇ ਕਾਂਗਰਸ ਤੇ ਡੇਰੇ ਨਾਲ ਸਬੰਧ ਹੋਣ ਦੇ ਇਲਜ਼ਾਮ ਲਾਏ ਹਨ ਤਾਂ ਉਨ੍ਹਾਂ ਕਿਹਾ ਕਿ ਇਹ ਤਾਂ ਸਾਰਿਆਂ ਨੂੰ ਹੀ ਪਤਾ ਹੈ ਕਿ ਡੇਰੇ ਨਾਲ ਕਿਸ ਦੇ ਸਬੰਧ ਹਨ। ਇਸ ਲਈ ਲੋਕਾਂ ਨੇ 2017 ਵਿੱਚ ਕਾਂਗਰਸ ਦੇ ਹੱਕ ਵਿੱਚ ਫਤਵਾ ਦਿੱਤਾ ਹੈ।
ਬੇਅਦਬੀ ਮਾਮਲਿਆਂ ਵਿੱਚ ਹੋ ਰਹੀ ਕਾਰਵਾਈ ਬਾਰੇ ਬੋਲਦਿਆਂ ਵਿਧਾਇਕ ਨੇ ਕਿਹਾ ਕਿ ਇਸ ਦੀ ਕਾਰਵਾਈ ਪੂਰੇ ਜ਼ੋਰਾਂ-ਸ਼ੋਰਾਂ ਨਾਲ ਹੋ ਰਹੀ ਹੈ। ਜੋ ਵੀ ਇਸ ਮਾਮਲੇ ਵਿੱਚ ਦੋਸ਼ੀ ਹਨ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।