ਲੁਧਿਆਣਾ: ਯੂਥ ਕਾਂਗਰਸ ਦੇ ਉਪ ਪ੍ਰਧਾਨ ਗਗਨਦੀਪ ਸਿੰਘ ਤੇ ਉਸ ਦੇ ਭਰਾ ਨੇ ਆਪਣੇ ਸਾਰਿਆਂ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਬਾਰੇ ਦੋਹਾਂ ਆਗੂਆਂ ਨੇ ਕਿਹਾ ਕਿ ਕਾਂਗਰਸ ਵਿੱਚ ਆਪਣੇ ਵਰਕਰਾਂ ਦੀ ਸੁਣੀ ਨਹੀਂ ਜਾਂਦੀ ਤੇ ਸਿਆਸੀ ਆਗੂਆਂ 'ਤੇ ਅਫ਼ਸਰਸ਼ਾਹੀ ਭਾਰੀ ਹੈ। ਇਸ ਕਰਕੇ ਉਨ੍ਹਾਂ ਨੇ ਕਾਂਗਰਸ ਨੂੰ ਛੱਡਣ ਦਾ ਫ਼ੈਸਲਾ ਕੀਤਾ ਹੈ।
ਇਸ ਬਾਰੇ ਲੁਧਿਆਣਾ ਦੇ ਸਰਕਟ ਹਾਊਸ ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੰਨੀ ਕੈਂਥ ਨੇ ਕਾਂਗਰਸ ਛੱਡਣ ਦਾ ਐਲਾਨ ਕਰਦਿਆਂ ਕਿਹਾ ਕਿ ਸਰਕਾਰ 'ਤੇ ਅਫ਼ਸਰਸ਼ਾਹੀ ਇੰਨੀ ਭਾਰੀ ਹੋ ਗਈ ਹੈ ਕਿ ਹੁਣ ਪਾਰਟੀ 'ਚ ਵਰਕਰਾਂ ਅਤੇ ਆਗੂਆਂ ਨੂੰ ਕੋਈ ਨਹੀਂ ਪੁੱਛਦਾ। ਸੰਨੀ ਕੈਂਥ ਨੇ ਕਿਹਾ ਕਿ ਇਸ ਸਬੰਧੀ ਉਹ ਆਪਣੇ ਸੀਨੀਅਰ ਲੀਡਰਾਂ ਨੂੰ ਕਈ ਵਾਰ ਸ਼ਿਕਾਇਤ ਵੀ ਕਰ ਚੁੱਕੇ ਹਨ ਪਰ ਉੱਥੇ ਵੀ ਕੋਈ ਸੁਣਵਾਈ ਨਹੀਂ ਹੋਈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਆਪਣਾ ਮਹਿਕਮਾ ਬਦਲੇ ਜਾਣ ਕਰਕੇ ਅਫ਼ਸਰਸ਼ਾਹੀ ਭਾਰੀ ਹੋਣ ਦੇ ਇਲਜ਼ਾਮ ਲਾ ਚੁੱਕੇ ਹਨ। ਇਸ ਤੋਂ ਬਾਅਦ ਹੁਣ ਮੁੜ ਤੋਂ ਅਫ਼ਸਰਸ਼ਾਹੀ ਦੇ ਮੁੱਦੇ 'ਤੇ ਸਰਕਾਰ ਨੂੰ ਆਪਣੇ ਹੀ ਵਰਕਰਾਂ ਤੇ ਆਗੂਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।