ਲੁਧਿਆਣਾ: ਕੋਰੋਨਾ ਦੇ ਚੱਲਦਿਆਂ ਜਿਥੇ ਸਰਕਾਰ ਵਲੋਂ ਸਖ਼ਤੀ ਕੀਤੀ ਜਾ ਰਹੀ ਹੈ। ਉਥੇ ਹੀ ਸਮਾਜ ਸੇਵੀ ਸੰਸਥਾਵਾਂ ਵੀ ਮਦਦ ਲਈ ਅੱਗੇ ਆ ਰਹੀਆਂ ਹਨ। ਇਸ ਦੇ ਚੱਲਦਿਆਂ ਲੁਧਿਆਣਾ ਦੇ ਮਹਾਂਨਗਰ ਟਿੱਬਾ ਰੋਡ ਸਥਿਤ ਰਾਧਾ ਸੁਆਮੀ ਸਤਿਸੰਗ ਘਰ ਵਿੱਚ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਜਿੱਥੇ ਕੈਂਪ ਵਿੱਚ 200 ਵੈਕਸੀਨ ਪਹੁੰਚੀ ਸੀ, ਜਿਥੇ ਵੈਕਸੀਨ ਲਗਵਾਉਣ ਨੂੰ ਲੈਕੇ ਲੋਕਾਂ 'ਚ ਭਾਰੀ ਉਤਸ਼ਾਹ ਸੀ। ਇਸ ਕੈਂਪ 'ਚ ਲੋਕਾਂ ਨੂੰ ਜਾਗਰੂਕਤਾ ਦਾ ਪ੍ਰਮਾਣ ਦਿੰਦੇ ਹੋਏ ਵੈਕਸੀਨ ਲਗਵਾਈ ਗਈ।
ਇਸ ਸਬੰਧੀ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਦਲਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਲੋਕ ਹਿੱਤ 'ਚ ਲਗਾਏ ਜਾ ਰਹੇ ਕੈਂਪ ਸ਼ਲਾਘਾਯੋਗ ਹੈ | ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਲਈ ਫਤਿਹ ਕਿੱਟ ਮੁਹੱਈਆ ਕਰਵਾਈ ਜਾ ਰਹੀ ਹੈ। ਜਦ ਉਨ੍ਹਾਂ ਤੋਂ ਪੌਜ਼ੀਟਿਵ ਮਰੀਜ਼ਾਂ ਦੀ ਫ਼ਤਿਹ ਕਿੱਟ ਵਿੱਚ ਓਕਸੀਮੀਟਰ ਨਾ ਨਿਕਲਣ 'ਤੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਬਹੁਤ ਗਲਤ ਹੈ। ਸਰਕਾਰ ਨੂੰ ਇਸ ਸਬੰਧੀ ਜਾਂਚ ਕਰਵਾ ਕੇ ਜ਼ਰੂਰ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਕੋਰੋਨਾ ਮਹਾਂਮਾਰੀ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ 'ਚ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਜ਼ਰੂਰ ਪਾਲਣਾ ਕੀਤੀ ਜਾਵੇ।