ਰਾਏਕੋਟ: ਰਾਏਕੋਟ ਦੇ ਪਿੰਡ ਰਛੀਨ ਵਿਖੇ ਸਥਿਤ ਗੁਰਦੁਆਰਾ ਸ਼੍ਰੋਮਣੀ ਭਗਤ ਰਵੀਦਾਸ ਜੀ ਦੀ ਪ੍ਰਬੰਧਕ ਕਮੇਟੀ ਵੱਲੋਂ ਗ੍ਰਾਮ ਪੰਚਾਇਤ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਤ ਰਵੀਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ।
ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੂਲਾਂ ਨਾਲ ਸ਼ਿੰਗਾਰੀ ਸੁੰਦਰ ਪਾਲਕੀ ਸਾਹਿਬ ‘ਚ ਸ਼ੁਸੌਭਿਤ ਕੀਤਾ ਗਿਆ। ਉੱਥੇ ਹੀ ਫੌਜੀ ਬੈਂਡ ਅਤੇ ਨਗਾਰਾ ਧਾਰਮਕ ਧੁਨਾਂ ਰਾਹੀਂ ਨਗਰ ਕੀਰਤਨ ਦੀ ਸ਼ੋਭਾ ਨੂੰ ਚਾਰ ਚੰਦ ਲਗਾ ਰਿਹਾ ਸੀ। ਵੱਡੀ ਗਿਣਤੀ 'ਚ ਸੰਗਤਾਂ ਵਲੋਂ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ ਗਈ ਤੇ ਬਾਣੀ ਕੀਰਤਨ ਕੀਤਾ ਗਿਆ।
ਇਸ ਦੌਰਾਨ ਪ੍ਰਸਿੱਧ ਢਾਡੀ ਕੁੱਢਾ ਸਿੰਘ ਜੋਸ਼ ਦੇ ਜੱਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਗੁਰੂ ਚਰਨਾਂ ਨਾਲ ਜੋੜਿਆ, ਜਦਕਿ ਕੀਰਤਨੀ ਜੱਥਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਨਗਰ ਕੀਰਤਨ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਦੇਰ ਸ਼ਾਮ ਗੁਰੂਘਰ ਵਿਖੇ ਸਮਾਪਤ ਹੋਇਆ। ਇਸ ਦੌਰਾਨ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਗੁਰੂ ਘਰ ਪਹੁੰਚੀਆਂ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ।