ਲੁਧਿਆਣਾ : ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਹੁਣ ਥੋੜ੍ਹਾ ਸਮਾਂ ਹੀ ਰਹਿ ਗਿਆ ਹੈ। ਜਿਸ ਕਰਕੇ ਹੁਣ ਸਾਰੀਆਂ ਹੀ ਪਾਰਟੀਆਂ ਦੇ ਦਿੱਗਜ ਆਪੋ ਆਪਣੇ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ।
ਚੋਣ ਕਮਿਸ਼ਨ ਵੱਲੋਂ ਦਿੱਤੀਆਂ ਛੋਟਾਂ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲੁਧਿਆਣਾ ਦੇ ਦਰੇਸੀ ਗਰਾਊਂਡ 'ਚ ਇਕ ਰੈਲੀ ਨੂੰ ਸੰਬੋਧਿਤ ਕਰਨਗੇ। ਜਿਸ ਨੂੰ ਲੈ ਕੇ ਭਾਜਪਾ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਦੁਸਹਿਰਾ ਗਰਾਊਂਡ ਦੇ ਵਿੱਚ ਹੀ ਇਸ ਰੈਲੀ ਦਾ ਆਯੋਜਨ ਕੀਤਾ ਜਾਵੇਗਾ।
ਇਸ ਰੈਲੀ ਨੂੰ ਲੈ ਕੇ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ, ਕਿਉਂਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਅਤੇ ਰਾਹੁਲ ਗਾਂਧੀ ਦੀ ਫੇਰੀ ਦੇ ਦੌਰਾਨ ਸੁਰੱਖਿਆ ਦੇ ਵਿਚ ਜੋ ਕੋਤਾਹੀ ਹੋਈ ਸੀ, ਉਸ ਨੂੰ ਲੈ ਕੇ ਹੁਣ ਪ੍ਰਸ਼ਾਸਨ ਕਿਸੇ ਤਰ੍ਹਾਂ ਦੀ ਅਣਗਹਿਲੀ ਨਹੀਂ ਕਰਨਾ ਚਾਹੁੰਦਾ।
ਇਸ ਕਰਕੇ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸੀਨੀਅਰ ਪੁਲਸ ਅਫਸਰਾਂ ਦੀ ਨਿਗਰਾਨੀ ਹੇਠ ਪੂਰੇ ਬੰਦੋਬਸਤ ਕਰਵਾਏ ਜਾ ਰਹੇ ਹਨ।
ਰੈਲੀ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ ਕੇਂਦਰੀ ਮੰਤਰੀ ਅਤੇ ਪੰਜਾਬ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਵਰਕਰਾਂ 'ਚ ਰੈਲੀ ਨੂੰ ਲੈ ਕੇ ਨਵਾਂ ਜੋਸ਼ ਹੈ। ਉਨ੍ਹਾਂ ਕਿਹਾ ਕਿ ਸਿਰਫ ਲੁਧਿਆਣਾ 'ਚ ਹੀ ਨਹੀਂ ਪੂਰੇ ਪੰਜਾਬ ਭਰ 'ਚ ਭਾਜਪਾ ਪੱਬਾਂ ਭਾਰ ਹੈ ਅਤੇ ਲੋਕ ਹੁਣ ਭਾਜਪਾ ਵੱਲ ਭੁਗਤਣ ਲਈ ਮਨ ਬਣਾ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ ਪਹੁੰਚਦੇ ਹੀ ਅਰਵਿੰਦ ਕੇਜਰੀਵਾਲ ਦਾ ਵੱਡਾ ਧਮਾਕਾ !