ਖੰਨਾ: ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਦਾ ਬੱਚਾ-ਬੱਚਾ ਸੜਕਾਂ 'ਤੇ ਨਜ਼ਰ ਆ ਰਿਹਾ ਹੈ। ਇਨ੍ਹਾਂ ਬਿੱਲਾਂ ਦੇ ਵਿਰੋਧ ਵਿੱਚ ਕਿਸਾਨਾਂ ਦੇ ਨਾਲ ਜਿੱਥੇ ਮਜ਼ਦੂਰ, ਨੌਜਵਾਨ, ਆੜਤੀਏ ਸ਼ਾਮਲ ਹਨ, ਹੁਣ ਦੇਸ਼ ਦੀ ਰਾਖੀ ਕਰਨ ਵਾਲੇ ਸਾਬਕਾ ਫੌਜੀ ਵੀ ਕਿਸਾਨਾਂ ਦੇ ਹੱਕ ਵਿੱਚ ਨਿੱਤਰ ਆਏ ਹਨ। ਖੰਨਾ ਵਿੱਚ ਸਾਬਕਾ ਸੈਨਿਕ ਐਸੋਸੀਏਸ਼ਨ ਨੇ ਕਿਸਾਨਾਂ ਦੇ ਹੱਕ 'ਚ ਅਤੇ ਬਿੱਲਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ।
ਇਸ ਪ੍ਰਦਰਸ਼ਨ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਕੈਪਟਨ (ਸੇਵਾ ਮੁਕਤ) ਜਰਨੈਲ ਸਿੰਘ ਜਲਾਜਣ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਪਾਸ ਕੀਤੇ ਇਹ ਬਿੱਲ ਕਿਸਾਨੀ ਨੂੰ ਖ਼ਤਮ ਕਰ ਦੇਣਗੇ। ਉਨ੍ਹਾਂ ਕਿਹਾ ਕਿ ਦੇਸ਼ ਦਾ ਜਵਾਨ ਸਰਹੱਦਾਂ ਦੀ ਰਾਖੀ ਕਰ ਰਿਹਾ ਹੈ ਅਤੇ ਕਿਸਾਨ ਦੇਸ਼ ਦਾ ਢਿੱਡ ਭਰ ਰਿਹਾ ਹੈ। ਉਨ੍ਹਾਂ ਕਿਹਾ ਜੈ ਜਵਾਨ ਜੈ ਕਿਸਾਨ ਦੇ ਨਾਅਰੇ ਹੇਠ ਉਹ ਸੰਘਰਸ਼ ਕਰਦੇ ਹੋਏ ਕਿਸਾਨਾਂ ਦੇ ਨਾਲ ਇਸ ਸੰਘਰਸ਼ ਵਿੱਚ ਹਮੇਸ਼ਾ ਖੜ੍ਹੇ ਰਹਿਣਗੇ।