ਲੁਧਿਆਣਾ: ਪਾਵਰਕਾਮ ਦੇ ਮੰਡਲ ਸਮਰਾਲਾ ਦੇ ਪੈਨਸ਼ਨਰਜ਼ ਮੁਲਾਜ਼ਮਾਂ ਵੱਲੋਂ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਪਾਵਰ ਕਾਰਪੋਰੇਸ਼ਨ ਦੇ ਪੈਨਸ਼ਨਰਾਂ ਮੁਲਾਜ਼ਮਾਂ ਵੱਲੋਂ ਪੈਨਸ਼ਨਾਂ ਅਤੇ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਕੰਪਲੇਂਟ ਸੈਂਟਰ ਖੰਨਾ ਰੋਡ ਸਮਰਾਲਾ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ ਅਤੇ ਬਾਜ਼ਾਰ ਵਿੱਚ ਵਿਸ਼ਾਲ ਰੋਸ ਮਾਰਚ ਵੀ ਕੱਢਿਆ ਗਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਸਿਕੰਦਰ ਸਿੰਘ ਪ੍ਰਧਾਨ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਜੇਕਰ ਅੱਜ ਸ਼ਾਮ ਤੱਕ ਸਾਡੀਆਂ ਪੈਨਸ਼ਨਾਂ ਅਤੇ ਤਨਖ਼ਾਹਾਂ ਨਾ ਰਿਲੀਜ਼ ਕੀਤੀਆਂ ਗਈਆਂ ਤਾਂ ਕੱਲ੍ਹ ਤੋਂ ਲਗਾਤਾਰ ਧਰਨੇ ਅਤੇ ਮੁਜ਼ਾਹਰੇ ਕੀਤੇ ਜਾਣਗੇ ਅਤੇ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਿੱਤਾ ਜਾਵੇਗਾ।
ਉਨ੍ਹਾਂ ਪੰਜਾਬ ਸਰਕਾਰ ਤੇ ਵਰਦਿਆਂ ਕਿਹਾ ਕਿ ਇਸ ਮੌਕੇ ਪੰਜਾਬ ਸਰਕਾਰ ਕੇਵਲ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਦੇ ਬੋਝੇ ਭਰਨ ਲੱਗੀ ਹੋਈ ਹੈ। ਉਨ੍ਹਾਂ ਨੂੰ 5-5 ਪੈਨਸ਼ਨਾਂ ਅਤੇ ਹੋਰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ, ਜਦਕਿ ਪੈਨਸ਼ਨਰਾਂ ਦਾ ਸਿਰਫ਼ ਅਤੇ ਸਿਰਫ ਪੈਨਸ਼ਨ ਉੱਤੇ ਹੀ ਗੁਜ਼ਾਰਾ ਹੁੰਦਾ ਹੈ। ਅਜਿਹੀ ਮਹਿੰਗਾਈ ਦੇ ਮੌਕੇ 'ਤੇ ਉਨ੍ਹਾਂ ਨੂੰ ਆਪਣੇ ਇਲਾਜ ਅਤੇ ਪਰਿਵਾਰ ਦਾ ਪਾਲਣ ਪੋਸ਼ਣ ਵੀ ਕਰਨਾ ਮੁਸ਼ਕਿਲ ਹੋ ਰਿਹਾ ਹੈ।