ਲੁਧਿਆਣਾ: ਬੀਤੇ ਦਿਨੀਂ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰਾ ਸਾਹਿਬ 'ਤੇ ਹੋਏ ਦਹਿਸ਼ਤਗਰਦੀ ਹਮਲੇ ਵਿੱਚ ਦਰਜਨਾਂ ਸਿੱਖ ਸ਼ਰਦਾਲੂਆਂ ਦੀ ਜਾਨ ਚਲੀ ਗਈ। ਉਸ ਵਿੱਚ ਲੁਧਿਆਣਾ ਦੇ ਰਹਿਣ ਵਾਲਾ ਇੱਕ ਵਿਅਕਤੀ ਵੀ ਸ਼ਾਮਿਲ ਸੀ। ਜੋ ਆਪਣੀ ਪਤਨੀ ਨਾਲ ਕਾਬੁਲ ਵਿੱਚ ਰਹਿ ਰਿਹਾ ਸੀ ਤੇ ਗੁਰਦੁਆਰਾ ਸਾਹਿਬ 'ਚ ਸੇਵਾ ਕਰਨ ਲਈ ਉੱਥੇ ਗਿਆ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਮ੍ਰਿਤਕ ਦੇ 6 ਬੱਚੇ ਹਨ, ਜੋ ਲੁਧਿਆਣਾ 'ਚ ਹੀ ਇੱਕ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਰੋਜ਼ੀ ਰੋਟੀ ਲਈ ਮ੍ਰਿਤਕ ਗੁਰਦੁਆਰਾ ਸਾਹਿਬ 'ਚ ਸੇਵਾ ਕਰਨ ਜਾਂਦਾ ਸੀ ਤੇ ਉਨ੍ਹਾਂ ਦੀ ਪਤਨੀ ਵੀ ਕਾਬੁਲ 'ਚ ਹੀ ਰਹਿੰਦੀ ਸੀ। ਉਨ੍ਹਾਂ ਕਿਹਾ ਕਿ ਉਹ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ। ਕਿਉਂਕਿ ਉਨ੍ਹਾਂ ਦੇ 6 ਬੱਚੇ ਹਨ ਤੇ ਪਰਿਵਾਰ ਦਾ ਗੁਜ਼ਾਰਾ ਕਰਨਾ ਕਾਫੀ ਮੁਸ਼ਕਿਲ ਹੈ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਮ੍ਰਿਤਕ ਦੇਹ ਤੇ ਉਸ ਦੀ ਪਤਨੀ ਨੂੰ ਭਾਰਤ ਲਿਆਉਣ ਲਈ ਸਰਕਾਰ ਮਦਦ ਕਰੇ।