ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder) ਵੱਲੋਂ ਬੀਤੇ ਦਿਨੀਂ ਕੀਤੇ ਗਏ ਟਵੀਟ ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ ਉਥੇ ਹੀ ਦੂਜੇ ਪਾਸੇ ਕਿਸਾਨਾਂ ਨੇ ਵੀ ਹੁਣ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣੈ ਕਿ ਕੈਪਟਨ ਭਾਜਪਾ ਦੀ ਬੋਲੀ ਬੋਲ ਰਹੇ ਹਨ। ਨਾਲ ਹੀ ਕਿਸਾਨਾਂ ਨੇ ਕਿਹਾ ਕਿ ਉਹ ਪੰਜਾਬ ਦੇ ਵਿੱਛ ਅਡਾਨੀ-ਅੰਬਾਨੀਆਂ ਦਾ ਕੋਈ ਕਾਰੋਬਾਰ ਨਹੀਂ ਚੱਲਣ ਦੇਣਗੇ।
ਉਨ੍ਹਾਂ ਨੇ ਕਿਹਾ ਕਿ ਸਿਆਸਤਦਾਨਾਂ ਨੂੰ ਆਪਣੀ ਰਾਜਨੀਤੀ ਦੀ ਪਈ ਹੈ ਜਦੋਂ ਕਿ ਕਿਸਾਨ ਲੰਬੇ ਸਮੇਂ ਤੋਂ ਖੇਤੀ ਕਾਨੂੰਨਾਂ (Agricultural laws) ਖ਼ਿਲਾਫ਼ ਲੜਾਈ ਲੜ ਰਹੇ ਹਨ। ਕਿਸਾਨਾਂ ਨੇ ਸਾਫ ਕਿਹਾ ਕਿ ਸਾਰੇ ਹੀ ਸਿਆਸਤਦਾਨ ਇੱਕੋ ਜਿਹੇ ਹਨ ਅਤੇ ਇਨ੍ਹਾਂ ਨੂੰ ਸਿਰਫ਼ ਵੋਟਾਂ ਦੀ ਰਾਜਨੀਤੀ ਤੋਂ ਮਤਲਬ ਹੈ। ਕਿਸਾਨਾਂ ਨੇ ਕਿਹਾ ਕਿ ਸਿਆਸੀ ਪਾਰਟੀਆਂ ਦੇ ਵੱਲੋਂ ਪੰਜਾਬ ਦੇ ਵਿੱਚ ਰੈਲੀਆਂ ਨਹੀਂ ਕਰਨੀਆਂ ਚਾਹੀਦੀਆਂ ਹਨ।
ਇਸ ਦੌਰਾਨ ਕਿਸਾਨਾਂ ਨੇ ਜਲੰਧਰ ਦੇ ਵਿੱਚ ਭਾਜਪਾ ਦੇ ਆਗੂ ਐਚ ਐਸ ਕਾਹਲੋਂ ਵੱਲੋਂ ਦਿੱਤੇ ਗਏ ਬਿਆਨ ਦੀ ਸਖ਼ਤ ਸ਼ਬਦਾਂ ‘ਚ ਨਿੰਦਿਆਂ ਕੀਤੀ ਹੈ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਦੇ ਵਿਰੁੱਧ ਅਜਿਹੀ ਬਿਆਨਬਾਜ਼ੀ ਨਾ ਕੀਤੀ ਜਾਵੇ।
ਕਿਸਾਨਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਵਿਚ ਹਿੰਮਤ ਹੈ ਤਾਂ ਸਿੱਧਾ ਆ ਕੇ ਕਿਸਾਨਾਂ ਨੂੰ ਟੱਕਰੇ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ। ਕਿਸਾਨਾਂ ਦੇ ਚੋਣਾਂ ਲੜਨ ਬਾਰੇ ਬਿਆਨ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਕਿਸਾਨ ਜੇਕਰ ਚੋਣਾਂ ਲੜਨਗੇ ਤਾਂ ਇਨ੍ਹਾਂ ਸਿਆਸਤਦਾਨਾਂ ਅਤੇ ਕਿਸਾਨਾਂ ਵਿੱਚ ਕੋਈ ਫ਼ਰਕ ਨਹੀਂ ਰਹਿ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮੰਤਵ ਖੇਤੀ ਕਾਨੂੰਨ ਰੱਦ ਕਰਵਾਉਣੇ ਹਨ ਅਤੇ ਇਸ ਲਈ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।
ਇਹ ਵੀ ਪੜ੍ਹੋ:ਕਰਮਵੀਰ ਗੁਰਾਇਆ ਨੇ ਹਰਿੰਦਰ ਕਾਹਲੋਂ ਦੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ