ਬਰਨਾਲਾ: ਕਿਸਾਨ ਜਥੇਬੰਦੀਆਂ ਨੇ ਬਰਨਾਲਾ ਰੇਲਵੇ ਸਟੇਸ਼ਨ ‘ਤੇ ਲਗਾਏ ਹੋਏ ਧਰਨੇ ਦੇ 114 ਵੇਂ ਦਿਨ ਅਤੇ ਭੁੱਖ ਹੜਤਾਲ ਦੇ 33 ਵੇਂ ਦਿਨ ਪੰਜ ਮੈਂਬਰੀ ਜਥਾ ਮੁਕੰਦ ਸਿੰਘ, ਮਹਿੰਦਰ ਸਿੰਘ, ਦਰਸ਼ਨ ਸਿੰਘ ਸਾਰੇ ਫਰਵਾਹੀ, ਗੁਰਪ੍ਰੀਤ ਸਿੰਘ ਬਰਨਾਲਾ ਅਤੇ ਮਹਿੰਦਰ ਸਿੰਘ ਨੰਬਰਦਾਰ ਬਰਨਾਲਾ ਭੁੱਖ ਹੜਤਾਲ ਉੱਪਰ ਬੈਠਿਆ। ਅੱਜ ਬੁਲਾਰੇ ਆਗੂਆਂ ਗੁਰਦੇਵ ਸਿੰਘ ਮਾਂਗੇਵਾਲ, ਬਾਬੂ ਸਿੰਘ ਖੁੱਡੀਕਲਾਂ, ਅਮਰਜੀਤ ਕੌਰ, ਹਰਚਰਨ ਚੰਨਾ, ਮੇਲਾ ਸਿੰਘ ਕੱਟੂ, ਗੁਰਮੇਲ ਸ਼ਰਮਾਂ, ਨਿਰੰਜਣ ਸਿੰਘ ਠੀਕਰੀਵਾਲ, ਸੁਖਦਰਸ਼ਨ ਗੁੱਡ,ਯਾਦਵਿੰਦਰ ਸਿੰਘ, ਨਛੱਤਰ ਸਿੰਘ ਸਹੌਰ ਅਤੇ ਗੁਰਜੰਟ ਸਿੰਘ ਕੈਰੇ ਨੇ ਮੋਦੀ ਹਕੂਮਤ ਦੇ ਤਿੰਨ ਮੰਤਰੀਆਂ ਵੱਲੋਂ ਸੰਯੂਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਕੀਤੀ ਮੀਟਿੰਗ ਵਿੱਚ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਦੋ ਸਾਲ ਲਈ ਮੁਅੱਤਲ ਕਰਨ ਅਤੇ ਸਾਂਝੀ ਕਮੇਟੀ ਬਨਾਉਣ ਉੱਪਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਏ ਸਟੈਂਡ ਦੀ ਵਿਆਖਿਆ ਕੀਤੀ।
ਬੁਲਾਰਿਆਂ ਨੇ ਕਿਹਾ ਕਿ ਸੰਯੁਕਤ ਮੋਰਚੇ ਦੀ ਮੰਗ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣਾ ਅਤੇ ਘੱਟੋ-ਘੱਟ ਕੀਮਤ ਸਮੁੱਚੇ ਮੁਲਕ ਵਿੱਚ ਲਾਗੂ ਕਰਨ ਦਾ ਕਾਨੂੰਨ ਬਨਾਉਣਾ ਹੈ। ਇਸ ਤੋਂ ਘੱਟ ਅਤੇ ਇਸ ਤੋਂ ਪਿੱਛੇ ਹੱਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸਰਕਾਰ ਨੂੰ ਸਾਂਝੇ ਕਿਸਾਨ ਮੋਰਚੇ ਦੇ ਵਿਸ਼ਾਲ ਸਿਰੜੀ ਸੰਘਰਸ਼ ਨੇ ਸਰਕਾਰ ਨੂੰ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਮੁਅੱਤਲ ਕਰਨ ਦਾ ਕੌੜਾ ਘੁੱਟ ਭਰਨ ਲਈ ਮਜ਼ਬੂਰ ਕੀਤਾ ਹੈ। ਇਸ ਨਾਲ ਮੁਲਕ ਭਰ ਦੇ ਕਿਸਾਨਾਂ ਦੀ ਅਗਵਾਈ ਕਿਸਾਨ ਜਥੇਬੰਦੀਆਂ ਦੇ ਖੇਤੀ ਵਿਰੋਧੀ ਕਾਨੂੰਨ ਰੱਦ ਕਰਨ ਦੀ ਮੰਗ ਦੀ ਪੁਸ਼ਟੀ ਹੋਈ ਹੈ ਕਿ ਇਹ ਕਿਸਾਨਾਂ ਦੇ ਨਾਂ ਤੇ ਬਣਾਏ ਕਾਨੂੰਨਾਂ ਦਾ ਕਰੋੜਾਂ ਕਰੋੜ ਕਿਸਾਨ ਹਿੱਤਾਂ ਨਾਲ ਕੋਈ ਸਰੋਕਾਰ ਨਹੀ ਹੈ। ਸਗੋਂ ਸਾਮਰਾਜੀ ਸੰਸਥਾਵਾਂ ਦੇ ਦਾਲਾ ਭਾਰਤੀ ਹਾਕਮ ਅਡਾਨੀਆਂ-ਅੰਬਾਨੀਆਂ ਦੇ ਹਿੱਤਾਂ ਲਈ ਇਹ ਕਾਨੂੰਨ ਲਿਆ ਰਹੇ ਹਨ।
ਇਹ ਕਾਨੂੰਨ ਖੇਤੀ ਧੰਦੇ ਦਾ ਉਜਾੜਾ ਤਾਂ ਕਰਨਗੇ ਹੀ ਸਮੁੱਚੀ ਪੇਂਡੂ ਸੱਭਿਅਤਾ ਹੀ ਉੱਜਾੜੇ ਜਾਣ ਲਈ ਸਰਾਪੀ ਜਾਵੇਗੀ। ਇਸ ਤੋਂ ਵੀ ਅੱਗੇ ਭਾਰਤੀ ਸੰਵਿਧਾਨ ਤਹਿਤ ਰਾਜਾਂ ਨੂੰ ਮਿਲੇ ਅਧਿਕਾਰਾਂ ਦਾ ਵੀ ਕੀਰਤਨ ਸੋਹਿਲਾ ਪੜ ਦਿੱਤਾ ਜਾਵੇਗਾ। ਰਾਜ ਸਰਕਾਰਾਂ ਕੇਂਦਰ ਦੀ ਕਠਪੁਤਲੀ ਬਨਣ ਲਈ ਮਜਬੂਰ ਹੋਣਗੀਆਂ। ਆਗੂਆਂ ਕਿਹਾ ਕਿ ਅਸੀਂ ਸਹੇ ਦੀ ਲੜਾਈ ਨਹੀਂ, ਅਸੀਂ ਪਹੇ ਦੀ ਲੜਾਈ ਲੜ ਰਹੇ ਹਾਂ। ਜ਼ਮੀਨਾਂ ਬਚਾਉਣ ਦੀ ਲੜਾਈ ਪੇਂਡੂ/ਸ਼ਹਿਰੀ ਸੱਭਿਅਤਾ ਨੂੰ ਬਚਾਉਣ ਦੀ ਲੜਾਈ ਹੈ। ਕਿਸਾਨ/ਲੋਕ ਵਿਰੋਧੀ ਕਾਨੂੰਨਾਂ ਨੂੰ ਜਾਇਜ਼ ਠਹਿਰਾਉਣ ਲਈ ਸਰਕਾਰ ਬਹੁਤ ਸਾਰੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ।
ਦੂਜੇ ਪਾਸੇ ਲੋਕਾਂ ਦਾ ਸੰਘਰਸ਼ ਆਏ ਦਿਨ ਵਿਸ਼ਾਲ ਅਤੇ ਤਿੱਖਾ ਹੋ ਰਿਹਾ ਹੈ। ਹੁਣ 26 ਜਨਵਰੀ ਗਣਤੰਤਰ ਦਿਵਸ ਮੌਕੇ ਮੁਕਾਬਲੇ ਤੇ ਕਿਸਾਨ ਪਰੇਡ ਕੱਢਣ ਦੀਆਂ ਮੁਲਕ ਪੱਧਰੀਆਂ ਤਿਆਰੀਆਂ ਪੂਰੇ ਜੋਰ-ਸ਼ੋਰ ਨਾਲ ਚੱਲ ਰਹੀਆਂ ਹਨ। ਇਸ ਦਿਨ ਪੰਜਾਬ ਦਾ ਹਰ ਬਸ਼ਿੰਦਾ ਕਿਸੇ ਨਾਂ ਕਿਸੇ ਰੂਪ ਵਿੱਚ ਹਰ ਹਾਲਤ ਵਿੱਚ ਇਸ ਸਾਂਝੇ ਕਿਸਾਨ/ਲੋਕ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਵੇਗਾ। ਮੁਲਕ ਦੀਆਂ ਹੱਦਾਂ ਬੰਨੇ ਟੱਪ ਕੌਮਾਂਤਰੀ ਪੱਧਰ ਤੇ ਚਰਚਾ ਦਾ ਵਿਸ਼ਾ ਬਣੇ ਇਸ ਕਿਸਾਨ/ਲੋਕ ਸੰਘਰਸ਼ ਨੇ ਹਾਕਮਾਂ ਦੀ ਨੀਂਦ ਹਰਾਮ ਕੀਤੀ ਹੋਈ ਹੈ। ਕਿਉਂਕਿ ਹਾਕਮਾਂ ਦੀ ਕਿਸਾਨ/ਲੋਕ ਵਿਰੋਧੀ ਨੀਤੀ ਨੂੰ ਮੁਲਕ ਦੇ ਮਿਹਨਤਕਸ਼ ਲੋਕ ਭਲੀ-ਭਾਂਤ ਸਮਝ ਚੁੱਕੇ ਹਨ। 23 ਜਨਵਰੀ ਨੂੰ ਅਜਾਦ ਹਿੰਦ ਫੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਹਾੜਾ ਇਸੇ ਸੰਘਰਸ਼ੀ ਥਾਂ ਰੇਲਵੇ ਪਾਰਕ ਵਿੱਚ ਹੀ ਪੂਰੇ ਜੋਸ਼ ਖਰੋਸ਼ ਨਾਲ ਮਨਾਇਆ ਜਾਵੇਗਾ। ਉਸ ਦਿਨ ਸਮੂਹ ਮਿਹਨਤਕਸ਼ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਕਾਫਲੇ ਬੰਨ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ। ਰੇਲਵੇ ਸਟੇਸ਼ਨ ਵਿਖੇ ਲੋਕ ਮਨਾਂ ਦਾ ਹਕੂਮਤ ਖਿਲਾਫ ਗੁੱਸਾ ਬਰਕਰਾਰ ਰਿਹਾ। ਅੱਜ ਵੀ ਸੈਂਕੜਿਆਂ ਦੀ ਗਿਣਤੀ ਵਿੱਚ ਜੁਝਾਰੂ ਕਿਸਾਨ ਮਰਦ ਔਰਤਾਂ ਸਮੇਤ ਹੋਰ ਮਿਹਨਤਕਸ਼ ਤਬਕੇ ਪੂਰੇ ਇਨਕਲਾਬੀ ਜੋਸ਼ ਖਰੋਸ਼ ਨਾਲ ਸ਼ਾਮਿਲ ਹੋਏ। ਮੁਨਸ਼ੀ ਖਾਨ ਰੂੜੇਕੇ, ਜਗਰੂਪ ਸਿੰਘ ਠੁੱਲੀਵਾਲ, ਗੁਰਚਰਨ ਸਿੰਘ ਭੋਤਨਾ ਨੇ ਗੀਤ/ਕਵੀਸ਼ਰੀਆਂ ਪੇਸ਼ ਕੀਤੀਆਂ।
ਇਸੇ ਹੀ ਤਰ੍ਹ ਵੀਆਰਸੀ ਰਿਲਾਇੰਸ ਮਾਲ ਬਾਜਾਖਾਨਾ ਰੋਡ ਬਰਨਾਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋੋਂ 111ਵੇਂ ਦਿਨ ਘਿਰਾਓ ਜਾਰੀ ਰਿਹਾ। ਬੁਲਾਰਿਆਂ ਰਾਮ ਸਿੰਘ ਕਲੇਰ, ਨਿਰਮਲ ਸਿੰਘ, ਬਲਵੀਰ ਸਿੰਘ ਪੱਪੂ, ਭੋਲਾ ਸਿੰਘ, ਅਜਮੇਰ ਸਿੰਘ ਕਰਮਗੜ੍ਹ ਅਤੇ ਮਨਜੀਤ ਸਿੰਘ ਕਰਮਗੜ੍ਹ ਆਦਿ ਨੇ ਕਿਹਾ ਕਿ ਕੇਂਦਰੀ ਮੰਤਰੀਆਂ ਨਾਲ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਅੱਜ ਹੋਣ ਵਾਲੀ ਮੀਟਿੰਗ ਵਿੱਚੋਂ ਵੀ ਬਹੁਤੀ ਉਮੀਦ ਦੀ ਝਾਕ ਨਹੀਂ ਰੱਖਣੀ ਚਾਹੀਦੀ। ਮੋਦੀ ਹਕੂਮਤ ਦੀ ਮਨਸ਼ਾ ਖੇਤੀ ਕਾਨੂੰਨਾਂ ਪ੍ਰਤੀ ਸਾਫ ਨਹੀਂ ਹੈ। ਮੋਦੀ ਹਕੂਮਤ ਦੀਆਂ ਇਨ੍ਹ ਸਾਜਿਸ਼ਾਂ ਨੂੰ ਚਕਨਾਚੂਰ ਕਰਦਿਆਂ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਾਉਣ ਖਿਲਾਫ਼ ਸੰਘਰਸ਼ ਨੂੰ ਹੋਰ ਵਧੇਰੇ ਵਿਸ਼ਾਲ ਅਤੇ ਤੇਜ਼ ਕਰਨਾ ਹੋਵੇਗਾ। ਬੁਲਾਰਿਆਂ ਕਿਹਾ ਕਿ 26 ਜਨਵਰੀ ਦਿੱਲੀ ਵਿਖੇ ਸਮਾਨੰਤਰ ਕਿਸਾਨ ਪਰੇਡ ਲਈ ਪਿੰਡਾਂ ਵਿੱਚੋਂ ਕਾਫਲੇ ਰਵਾਨਾ ਹੋਣੇ ਸ਼ੁਰੂ ਹੋ ਗਏ ਹਨ।