ਲੁਧਿਆਣਾ: ਖੇਤੀਬਾੜੀ ਆਰਡੀਨੈਂਸ ਦੇ ਖਿਲਾਫ ਕਿਸਾਨ ਯੂਨੀਅਨ ਵੱਲੋਂ ਪੰਜਾਬ ਭਰ ਵਿੱਚ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸ ਦੌਰਾਨ ਲੁਧਿਆਣਾ ਦੇ ਨੀਲੇ ਪੁਲ ਨੇੜੇ ਵੀ ਕਿਸਾਨਾਂ ਵੱਲੋਂ ਰੋਡ ਜਾਮ ਕੀਤਾ ਗਿਆ ਜਿੱਥੇ ਵੱਡੀ ਤਦਾਦ 'ਚ ਕਿਸਾਨ ਪਹੁੰਚੇ। ਪ੍ਰਦਰਸ਼ਨ 'ਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੀ ਪਹੁੰਚੇ।
ਬਲਬੀਰ ਸਿੰਘ ਰਾਜੇਵਾਲ ਨੇ ਇਸ ਮੌਕੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਖ਼ਤਮ ਕਰਨ ਦਾ ਮਨ ਬਣਾ ਲਿਆ ਹੈ। ਉਨ੍ਹਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ। ਰਾਜੇਵਾਲ ਨੇ ਕਿਹਾ ਕਿ ਜਿਸ ਸੂਬੇ ਵਿੱਚ ਖੇਤੀ ਆਰਡੀਨੈਂਸ ਲਾਗੂ ਕੀਤਾ ਗਿਆ ਹੈ ਉੱਥੇ ਕਿਸਾਨਾਂ ਦਾ ਬੁਰਾ ਹਾਲ ਹੈ।
ਉਨ੍ਹਾਂ ਕਿਹਾ ਕਿ ਜੋ ਵੀ ਸੰਸਦ ਦੇ ਵਿੱਚ ਇਸ ਬਿਲ ਦੇ ਹੱਕ ਵਿੱਚ ਵੋਟ ਪਾਵੇਗਾ ਕਿਸਾਨ ਉਸ ਦੀ ਪਾਰਟੀ ਦਾ ਬਾਈਕਾਟ ਕਰੇਗੀ। ਉੱਤਰ ਪ੍ਰਦੇਸ਼ ਵਿਚ ਆਰਡੀਨੈਂਸ ਲਾਗੂ ਹੋਣ ਕਾਰਨ 1000 ਰੁਪਏ ਪ੍ਰਤੀ ਕੁਇੰਟਲ ਝੋਨਾ ਵਿਕਿਆ ਹੈ। ਰਾਜਸਥਾਨ ਦੇ ਵਿੱਚ ਦਾਲਾਂ ਦੀ ਕੀਮਤ ਬਿਲਕੁਲ ਘਟਾ ਦਿੱਤੀ ਗਈ ਹੈ ਜਿਸ ਕਰਕੇ ਕਿਸਾਨ ਘਾਟੇ ਵੱਲ ਜਾ ਰਿਹਾ ਹੈ।
ਰਾਜੇਵਾਲ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਮੰਦੀ ਦੀ ਮਾਰ ਝੱਲ ਰਹੇ ਹਨ, ਅਜਿਹੇ ਵਿੱਚ ਜੇ ਇਹ ਬਿਲ ਪਾਸ ਹੋ ਗਿਆ ਤਾਂ ਕਿਸਾਨਾਂ ਨੂੰ ਹੋਰ ਵੀ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਇਸ ਨੂੰ ਲਾਗੂ ਨਹੀਂ ਹੋਣ ਦੇਣਗੀਆਂ। ਇਸ ਕਾਨੂੰਨ ਦੇ ਨਾਲ ਮੰਡੀਕਰਨ ਖ਼ਤਮ ਹੋ ਜਾਵੇਗਾ।