ਲੁਧਿਆਣਾ: ਜ਼ਿਲ੍ਹੇ ਦੇ ਸਾਹਨੇਵਾਲ ਹਲਕੇ ਦੇ ਮੱਤੇਵਾੜਾ ’ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋ ਅਕਾਲੀ ਦਲ ਦੇ ਵਰਕਰ ਅਤੇ ਕਿਸਾਨ ਆਹਮੋ ਸਾਹਮਣੇ ਹੋ ਗਏ। ਮਿਲੀ ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੱਤੇਵਾੜਾ ਵਿਖੇ ਰੈਲੀ ਰੱਖੀ ਗਈ ਸੀ ਪਰ ਇਸ ਦੌਰਾਨ ਅਕਾਲੀ ਵਰਕਰ ਅਤੇ ਕਿਸਾਨ ਆਹਮੋ ਸਾਹਮਣੇ ਹੋ ਗਏ ਜਿਸ ਕਾਰਨ ਸੁਖਬੀਰ ਬਾਦਲ ਦਾ ਕਾਫਲਾ ਲੰਬਾ ਸਮਾਂ ਜਾਮ ਚ ਫਸਿਆ ਰਿਹਾ। ਇਸ ਦੌਰਾਨ ਉਨ੍ਹਾਂ ਨਾਲ ਸਾਹਨੇਵਾਲ ਤੋਂ ਅਕਾਲੀ ਦਲ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋ ਵੀ ਮੌਜੂਦ ਰਹੇ।
ਇਸ ਮੌਕੇ ਬੀਕੇਯੂ ਦੇ ਆਗੂ ਚਰਨਜੀਤ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਇਹ ਤੋਹਫਾ ਦਿੱਤਾ ਹੈ। ਪੁਲਿਸ ਨੇ ਕਿਹਾ ਸੀ ਕਿ ਉਨ੍ਹਾਂ ਦੀ ਸੁਖਬੀਰ ਬਾਦਲ ਨਾਲ ਗੱਲਬਾਤ ਕਰਵਾਈ ਜਾਵੇਗੀ। ਪਰ ਉਨ੍ਹਾਂ ਦਾ ਰੂਟ ਬਦਲ ਦਿੱਤਾ ਗਿਆ ਅਤੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਗਈ ਜਿਸ ਕਾਰਨ ਉਨ੍ਹਾਂ ਵੱਲੋਂ ਇਹ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ ਹੁਣ ਉਨ੍ਹਾਂ ਵੱਲੋਂ ਸੁਖਬੀਰ ਬਾਦਲ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਕਾਫਲੇ ਨੂੰ ਅੱਗੇ ਨਹੀਂ ਲੰਘਣ ਦਿੱਤਾ ਜਾਵੇਗਾ।
ਕਾਬਿਲੇਗੌਰ ਹੈ ਕਿ ਇਸ ਦੌਰਾਨ ਅਕਾਲੀ ਦਲ ਦੇ ਵਰਕਰਾਂ ਅਤੇ ਕਿਸਾਨਾਂ ਨੇ ਇੱਕ ਦੂਜੇ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਫਿਲਹਾਲ ਮੌਕੇ ’ਤੇ ਮੌਜੂਦ ਵੱਡੀ ਗਿਣਤੀ ਚ ਪੁਲਿਸ ਦੀ ਟੀਮ ਨੇ ਟਕਰਾਅ ਦੀ ਸਥਿਤੀ ਪੈਦਾ ਹੋਣ ਤੋਂ ਬਚਾਈ ਰੱਖੀ।
ਇਹ ਵੀ ਪੜੋ: Assembly Elections 2022: ਸ਼੍ਰੋਮਣੀ ਅਕਾਲੀ ਦਲ ਵੱਲੋਂ 6 ਹੋਰ ਉਮੀਦਵਾਰਾਂ ਦਾ ਐਲਾਨ