ਲੁਧਿਆਣਾ: ਐਸਜੀਪੀਸੀ ਦੇ ਪ੍ਰਧਾਨ ਰਹੇ ਅਵਤਾਰ ਸਿੰਘ ਮੱਕੜ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਅੰਤਿਮ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਲੀਡਰ ਬਿਕਰਮ ਮਜੀਠੀਆ, ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਵੀ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਅਵਤਾਰ ਸਿੰਘ ਮੱਕੜ ਨੂੰ ਸ਼ਰਧਾਂਜਲੀ ਦਿੱਤੀ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਵਤਾਰ ਸਿੰਘ ਮੱਕੜ ਦੇ ਦਿਹਾਂਤ 'ਤੇ ਦੁੱਖ ਜਤਾਉਂਦਿਆਂ ਕਿਹਾ ਕਿ ਅਵਤਾਰ ਸਿੰਘ ਮੱਕੜ ਅਜਿਹੇ ਇਨਸਾਨ ਸਨ, ਜਿਨ੍ਹਾਂ ਨੇ ਗੁਰੂ ਘਰ ਦੀ ਬਹੁਤ ਸੇਵਾ ਕੀਤੀ ਹੈ। ਹਾਲਾਂਕਿ ਇਸ ਮੌਕੇ ਉਨ੍ਹਾਂ ਕੋਈ ਵੀ ਸਿਆਸੀ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ।
ਇਹ ਵੀ ਪੜੋ: ਸਫ਼ਰ-ਏ-ਸ਼ਹਾਦਤ ਤਹਿਤ ਗੁਰਦੁਆਰਾ ਸ਼ਾਹੀ ਟਿੱਬੀ ਦਾ ਇਤਿਹਾਸ
ਉਧਰ ਇਸ ਮੌਕੇ ਐਸਜੀਪੀਸੀ ਦੇ ਮੌਜੂਦਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਅਵਤਾਰ ਸਿੰਘ ਮੱਕੜ ਨੇ ਸਿੱਖ ਕੌਮ ਲਈ ਅਹਿਮ ਯੋਗਦਾਨ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਵੀ ਆਪਣਾ ਪੱਖ ਰੱਖਦਿਆਂ ਕਿਹਾ ਕਿ ਸਾਰਿਆਂ ਨੂੰ ਨਾਗਰਿਕਤਾ ਦਾ ਹੱਕ ਹੈ ਅਤੇ ਸਾਰਿਆਂ ਨੂੰ ਦੇਸ਼ ਵਿੱਚ ਨਾਗਰਿਕਤਾ ਮਿਲਣੀ ਚਾਹੀਦੀ ਹੈ।