ਲੁਧਿਆਣਾ: ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਦੇ ਨਾਲ ਅੱਜ ਲੁਧਿਆਣਾ 'ਚ ਸਵੇਰ ਤੋਂ ਹੀ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਂਦੇ ਦੋ ਦਿਨਾਂ ਤੱਕ ਇਸੇ ਤਰ੍ਹਾਂ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਮੀਂਹ ਪੈਂਦਾ ਰਹੇਗਾ।
ਮੌਸਮ ਵਿਭਾਗ ਮੁਤਾਬਕ ਬੀਤੀ ਰਾਤ ਤੋਂ ਲੈ ਕੇ ਹੁਣ ਤੱਕ 17 ਐਮਐਮ ਮੀਂਹ ਪੈ ਚੁੱਕਿਆ ਹੈ ਜਦ ਕਿ ਜੁਲਾਈ ਦੇ ਪਹਿਲੇ ਹਫਤੇ ਦੀ ਗੱਲ ਕੀਤੀ ਜਾਵੇ ਤਾਂ ਇੱਕ ਹਫ਼ਤੇ ਦੇ ਵਿੱਚ 63 ਐਮਐਮ ਮੀਂਹ ਪੈ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਜੁਲਾਈ ਮਹੀਨੇ ਵਿੱਚ ਔਸਤਨ 200 ਐਮਐਮ ਤੱਕ ਮੀਂਹ ਪੈਂਦਾ ਹੈ।
ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਦਾ ਕਹਿਣਾ ਹੈ ਕਿ ਆਉਂਦੇ ਦੋ ਦਿਨਾਂ ਤੱਕ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਮੀਂਹ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮੌਨਸੂਨ ਕਾਫੀ ਐਕਟਿਵ ਹੈ ਅਤੇ ਹੁਣ ਦੋ ਦਿਨ ਲਗਭਗ ਪੰਜਾਬ ਦੇ ਹਰ ਹਿੱਸੇ ਦੇ ਵਿੱਚ ਮੀਂਹ ਪਵੇਗਾ।
ਉਨ੍ਹਾਂ ਕਿਹਾ ਕਿ ਇਹ ਮੀਂਹ ਕਿਸਾਨਾਂ ਲਈ ਵੀ ਲਾਹੇਵੰਦ ਹੈ ਕਿਉਂਕਿ ਝੋਨੇ ਮੱਕੀ ਅਤੇ ਨਰਮੇ ਦੀ ਫ਼ਸਲ ਨੂੰ ਪਾਣੀ ਦੀ ਲੋੜ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੀਤੇ ਕਈ ਦਿਨਾਂ ਤੋਂ ਹੁੰਮਸ ਭਰੀ ਗਰਮੀ ਤੋਂ ਵੀ ਰਾਹਤ ਮਿਲੀ ਹੈ ਕਿਉਂਕਿ ਜੋ ਬੀਤੇ ਦਿਨੀਂ ਪਾਰਾ ਲਗਾਤਾਰ ਵਧਦਾ ਜਾ ਰਿਹਾ ਸੀ ਉਸ ਵਿਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ।