ਲੁਧਿਆਣਾ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਗਾਤਾਰ ਲੁਧਿਆਣਾ ਦੌਰੇ 'ਤੇ ਹਨ। ਉਨ੍ਹਾਂ ਦਾ ਪੂਰਾ ਧਿਆਨ ਹੁਣ ਕਾਰਪੋਰੇਸ਼ਨ ਦੀਆਂ ਚੋਣਾਂ ਜਿੱਤਣ ਉੱਤੇ ਹੈ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਜੋ ਹਾਲਾਤ ਆਮ ਆਦਮੀ ਪਾਰਟੀ ਦੇ ਬਣ ਚੁੱਕੇ ਹਨ, ਉਹ ਕਾਰਪੋਰੇਸ਼ਨ ਦੀਆਂ ਚੋਣਾਂ ਬੁਰੀ ਤਰ੍ਹਾਂ ਹਾਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਦੇ ਬਾਵਜੂਦ ਉਹ ਜ਼ਿਮਨੀ ਚੋਣਾਂ ਵਿੱਚ ਹਾਰ ਗਏ। ਹਰਿਆਣਾ ਵਿੱਚ ਬੁਰੀ ਤਰ੍ਹਾਂ ਹਾਰ ਗਏ।
ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਟਿਕਟਾਂ ਦੀ ਵੰਡ ਪਰਫਾਰਮੈਂਸ ਦੇ ਹਿਸਾਬ ਨਾਲ ਕਰਾਂਗੇ। ਹੁਣ ਭਾਈ ਭਤੀਜਾਵਾਦ ਨਹੀਂ ਚੱਲੇਗਾ। ਇਸ ਦੌਰਾਨ ਰਾਜਾ ਵੜਿੰਗ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਪੰਜਾਬ ਸਰਕਾਰ 'ਤੇ ਸਵਾਲ ਖੜੇ ਕੀਤੇ। ਉਨ੍ਹਾਂ ਕਿਹਾ ਕਿ ਜਦੋਂ ਵੀ ਕਾਨੂੰਨ ਵਿਵਸਥਾ ਦੀ ਗੱਲ ਆਉਂਦੀ ਹੈ, ਤਾਂ ਸਰਕਾਰ ਦੇ ਮੰਤਰੀ ਨੇ ਕਿਹਾ ਕਿ ਯੂਪੀ ਬਿਹਾਰ ਨਾਲੋਂ ਹਾਲਾਤ ਠੀਕ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਦੀ ਵੀ ਯੂਪੀ ਬਿਹਾਰ ਵਰਗਾ ਮਾਹੌਲ ਨਹੀਂ ਸੀ।
ਇਸ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਹਥਿਆਰਾਂ ਦੀ ਨੁਮਾਇਸ਼ ਕੀਤੀ ਜਾ ਰਹੀ ਹੈ ਇਕ ਦੂਜੇ ਨੂੰ ਵੇਖ ਕੇ ਸਾਰੇ ਹੀ ਇਸ ਵੱਲ ਪ੍ਰੇਰਿਤ ਹੋ ਰਹੇ ਹਨ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਕਿਹਾ ਕਿ ਮੈਨੂੰ ਵੀ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਕਿਸਾਨ ਅੰਦੋਲਨ ਉੱਤੇ ਬੋਲਦਿਆ ਉਨ੍ਹਾਂ ਕਿਹਾ ਕਿ ਧਰਨਾ ਲਾਉਣਾ ਕਿਸਾਨਾਂ ਦਾ ਫ਼ਰਜ ਹੈ, ਪਰ ਉਨ੍ਹਾਂ ਨੂੰ ਆਮ ਜਨਤਾ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੀਦਾ। ਕਿਸਾਨਾਂ ਨੂੰ ਵਿਧਾਇਕਾਂ ਦੇ ਘਰਾਂ ਤੇ ਪ੍ਰਸ਼ਾਸਨਿਕ ਦਫ਼ਤਰਾਂ ਦਾ ਘਿਰਾਓ ਕਰਨਾ ਚਾਹੀਦਾ ਹੈ, ਨਾ ਕਿ ਸੜਕਾਂ ਬੰਦ ਕਰਕੇ ਆਮ ਜਨਤਾ ਨੂੰ ਪ੍ਰੇਸ਼ਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕੇ ਚੰਗੀ ਗੱਲ ਹੈ ਕਿ ਉਨ੍ਹਾਂ ਨੂੰ ਆਪਣੇ ਹੱਕ ਮੰਗਣੇ ਚਾਹੀਦੇ ਹਨ, ਪਰ ਆਮ ਲੋਕਾਂ ਨੂੰ ਪਰੇਸ਼ਾਨ ਨਹੀਂ ਹੋਣਾ ਚਾਹੀਦਾ।
ਇਹ ਵੀ ਪੜ੍ਹੋ: ਬੀਕੇਯੂ ਉਗਰਾਹਾਂ ਵਲੋਂ ਸੂਬਾ ਪੱਧਰੀ ਮੀਟਿੰਗ ਵਿੱਚ ਵੱਡੇ ਸੰਘਰਸ਼ ਦਾ ਐਲਾਨ