ਲੁਧਿਆਣਾ: ਕੋਰੋਨਾ ਮਹਾਂਮਾਰੀ ਦੀ ਦੂਜੀ ਵੇਵ ਦੇ ਖਤਮ ਹੋਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਨਿੱਜੀ ਸਕੂਲਾਂ ਦੀਆਂ ਸਾਰੀਆਂ ਜਮਾਤਾਂ ਨੂੰ ਲੱਗਣ ਦੇ ਨਿਰਦੇਸ਼ ਦੇ ਦਿੱਤੇ ਗਏ ਸੀ। ਪਰ ਇਹ ਫੈਸਲਾ ਸਰਕਾਰ ਤੇ ਭਾਰੀ ਪੈਂਦਾ ਹੋਇਆ ਦਿਖਾਈ ਦੇ ਰਿਹਾ ਹੈ। ਦੱਸ ਦਈਏ ਕਿ ਜ਼ਿਲ੍ਹੇ ਦੇ ਬਸਤੀ ਜੋਧੇਵਾਲ ਦੇ ਸਰਕਾਰੀ ਸਕੂਲ ਦੇ 8 ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜਿਸ ਤੋਂ ਬਾਅਦ ਸਕੂਲ ਵਿੱਚ ਹੜਕੰਪ ਮੱਚ ਗਿਆ ਹੈ
14 ਦਿਨਾਂ ਦੇ ਲਈ ਸਕੂਲ ਬੰਦ
ਦੱਸ ਦਈਏ ਕਿ ਸਕੂਲ ’ਚ 8 ਵਿਦਿਆਰਥੀ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ। ਸਿਵਲ ਸਰਜਨ ਲੁਧਿਆਣਾ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਸਕੂਲ ਦੇ ਹੋਰਨਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਟੈਸਟ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
8 ਵਿਦਿਆਰਥੀ ਆਏ ਕੋਰੋਨਾ ਪਾਜ਼ੀਟਿਵ
ਦੱਸ ਦਈਏ ਕਿ ਬਸਤੀ ਜੋਧੇਵਾਲ ਵਿੱਚ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਗਿਆਰ੍ਹਵੀਂ ਜਮਾਤ ਦੇ 8 ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਜਿਨ੍ਹਾਂ ਦਾ ਰੈਪਿਡ ਟੈਸਟ ਕਿੱਟ ਰਾਹੀਂ ਸੈਂਪਲ ਲਏ ਗਏ ਸੀ। ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ 8 ਬੱਚਿਆ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਵੀ ਸਕੂਲ ਲਗਾਇਆ ਗਿਆ ਹੈ। ਜਦਕਿ ਸਿਹਤ ਵਿਭਾਗ ਵੱਲੋਂ ਸਾਫ ਕਿਹਾ ਗਿਆ ਹੈ ਕਿ 2 ਤੋਂ ਵੱਧ ਬੱਚੇ ਸਕੂਲ ਚ ਪਾਜ਼ੀਟਿਵ ਆਉਣ ਤੋਂ ਬਾਅਦ ਸਕੂਲ ਨੂੰ ਬੰਦ ਕਰ ਦਿੱਤਾ ਜਾਵੇਗਾ।
ਵਿਦਿਆਰਥੀਆਂ ਨੂੰ ਕੀਤਾ ਇਕਾਂਤਵਾਸ ’ਚ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸਤੀ ਜੋਧੇਵਾਲ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਬੀਤੇ ਦਿਨ ਰੈਪਿਡ ਕਿੱਟ ਰਾਹੀਂ 41 ਵਿਦਿਆਰਥੀਆਂ ਦੇ ਟੈਸਟ ਲਏ ਗਏ ਸੀ ਅਤੇ ਇਹ ਸਾਰੇ ਵਿਦਿਆਰਥੀ 11ਵੀਂ ਜਮਾਤ ਦੇ ਸੀ ਅਤੇ ਇਨ੍ਹਾਂ ਵਿੱਚੋਂ ਅੱਠ ਬੱਚੇ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਅੱਜ 11ਵੀਂ ਅਤੇ 12ਵੀਂ ਦੋਵਾਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਨਹੀਂ ਬੁਲਾਇਆ ਗਿਆ ਹੈ। ਇਨ੍ਹਾਂ ਦੋਵਾਂ ਜਮਾਤਾਂ ਦੇ ਵਿਦਿਆਰਥੀਆਂ ਨੂੰ 14 ਦਿਨਾਂ ਦੇ ਲਈ ਇਕਾਂਤਵਾਸ ਚ ਕਰ ਦਿੱਤਾ ਗਿਆ ਹੈ।
ਇਹ ਵੀ ਪੜੋ: corona update: ਦੇਸ਼ ’ਚ 24 ਘੰਟਿਆਂ ’ਚ ਕੋਰੋਨਾ ਦੇ 28,204 ਨਵੇਂ ਮਾਮਲੇ, 373 ਮੌਤਾਂ