ਲੁਧਿਆਣਾ: ਪਹਾੜਾਂ ਵਿੱਚ ਲਗਾਤਾਰ ਪੈ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਲਗਾਤਾਰ ਸ਼ੀਤ ਲਹਿਰ ਵੱਧ ਰਹੀ ਹੈ, ਜਿਸ ਕਾਰਨ ਪੰਜਾਬ ਦੇ ਵਿੱਚ ਠੰਢ ਦਾ ਕਹਿਰ ਵਧਦਾ ਜਾ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੇ ਮਾਹਰਾਂ ਨੇ ਕਿਹਾ ਹੈ ਕਿ ਆਉਂਦੇ ਦਿਨਾਂ 'ਚ ਪੰਜਾਬ 'ਚ ਠੰਢ ਦਾ ਕਹਿਰ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਲਗਾਤਾਰ ਪਾਰਾ ਹੇਠਾਂ ਡਿੱਗਦਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਠੰਢ ਤੋਂ ਸਤਰਕ ਰਹਿਣ ਦੀ ਅਪੀਲ ਕੀਤੀ ਹੈ ਨਾਲ ਹੀ ਕਿਹਾ ਕਿ ਸ਼ੀਤ ਲਹਿਰ ਵਗਣ ਕਰਕੇ ਮੈਦਾਨੀ ਇਲਾਕਿਆਂ ਵਿੱਚ ਠੰਢ ਜ਼ਿਆਦਾ ਮਹਿਸੂਸ ਕੀਤੀ ਜਾ ਰਹੀ ਹੈ।
ਪੰਜਾਬ ਦੇ ਵਿੱਚ ਜਿੱਥੇ ਵੱਖ-ਵੱਖ ਹਿੱਸਿਆਂ 'ਚ ਧੁੰਦ ਲਗਾਤਾਰ ਵੱਧਦੀ ਜਾ ਰਹੀ ਹੈ, ਉਥੇ ਹੀ ਆਉਂਦੇ ਦਿਨਾਂ 'ਚ ਕੋਰਾ ਵੀ ਪਵੇਗਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁੱਖੀ ਡਾ. ਪ੍ਰਭਜੋਤ ਕੌਰ ਨੇ ਕਿਹਾ ਹੈ ਕਿ ਪਾਰਾ ਲਗਾਤਾਰ ਦਿਨ ਅਤੇ ਰਾਤ ਦਾ ਹੇਠਾਂ ਡਿੱਗਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਰੈਸ਼ ਸਿਸਟਮ ਬਣਨ ਕਰਕੇ ਜੰਮੂ-ਕਸ਼ਮੀਰ ਅਤੇ ਨਾਲ ਲੱਗਦੇ ਪਹਾੜੀ ਇਲਾਕਿਆਂ ਦੇ ਵਿੱਚ ਲਗਾਤਾਰ ਬਰਫ਼ਬਾਰੀ ਹੋ ਰਹੀ ਹੈ। ਇਸ ਦਾ ਅਸਰ ਮੈਦਾਨੀ ਇਲਾਕਿਆਂ 'ਤੇ ਹੋ ਰਿਹਾ ਹੈ। ਸ਼ੀਤ ਲਹਿਰ ਚੱਲਣ ਕਰਕੇ ਪਾਰਾ ਹੇਠਾਂ ਡਿੱਗ ਰਿਹਾ ਹੈ ਅਤੇ ਲੋਕਾਂ ਨੂੰ ਠੰਢ ਜ਼ਿਆਦਾ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਠੰਢ ਦਾ ਪ੍ਰਕੋਪ ਹੋਰ ਵਧੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਠੰਢ ਤੋਂ ਬਚ ਕੇ ਰਹਿਣ।
ਉੱਧਰ ਦੂਜੇ ਪਾਸੇ ਫ਼ਸਲਾਂ ਨੂੰ ਲੈ ਕੇ ਵੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾ.ਪ੍ਰਭਜੋਤ ਕੌਰ ਨੇ ਕਿਹਾ ਹੈ ਕਿ ਜੋ ਆਉਂਦੇ ਦਿਨਾਂ 'ਚ ਕੋਹਰੇ ਦੀ ਭਵਿੱਖਬਾਣੀ ਹੈ, ਉਸ ਨਾਲ ਫ਼ਸਲਾਂ ਦੇ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਖਾਸ ਕਰਕੇ ਸਬਜ਼ੀਆਂ 'ਤੇ ਕੋਹਰਾ ਪੈਣ ਨਾਲ ਉਨ੍ਹਾਂ ਦਾ ਨੁਕਸਾਨ ਹੁੰਦਾ ਹੈ ਇਸ ਕਰਕੇ ਕਿਸਾਨਾਂ ਨੂੰ ਹੁਣ ਸੋਚ ਸਮਝ ਕੇ ਹੀ ਆਪਣੀ ਫ਼ਸਲ ਨੂੰ ਪਾਣੀ ਲਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਕੋਹਰਾ ਪਵੇਗਾ।