ਲੁਧਿਆਣਾ: ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਆਰਡੀਨੈਂਸ ਲਿਆਂਦਾ ਗਿਆ ਹੈ ਜਿਸ ਵਿੱਚ ਕਿਸਾਨ ਆਪਣੀਆਂ ਫਸਲਾਂ ਨੂੰ ਕਿਸੇ ਵੀ ਸੂਬੇ 'ਚ ਜਾ ਕੇ ਵੇਚ ਸਕਦੇ ਹਨ ਜਿਸ ਦਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ ਹੈ।
ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਆਰਡੀਨੈਂਸ ਨੂੰ ਕਿਸਾਨ ਲਈ ਮਾਰੂ ਦੱਸਦਿਆਂ ਕਿਹਾ ਕਿ ਇਸ ਨਾਲ ਕਿਸਾਨ ਹੋਰ ਖੁਦਕੁਸ਼ੀਆਂ ਦੇ ਰਾਹ ਪੈਣਗੇ। ਉਨ੍ਹਾਂ ਕਿਹਾ ਕਿ ਆਰਡੀਨੈਂਸ ਨਾਲ ਐਮ.ਐਸ.ਪੀ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ, ਪਹਿਲਾਂ ਹੀ ਕਿਸਾਨ ਔਖੀ ਘੜੀ 'ਚੋਂ ਲੰਘ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਆਰਡੀਨੈਂਸ ਨਾਲ ਮੋਦੀ ਸਰਕਾਰ ਨੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਸਿੱਧਾ ਫਾਇਦਾ ਦੇਣ ਦੀ ਮਨਸ਼ਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵੱਡੀਆਂ ਕੰਪਨੀਆਂ ਕਿਸਾਨਾਂ ਤੋਂ ਸਸਤੀਆਂ ਕੀਮਤਾਂ 'ਤੇ ਫਸਲਾਂ ਖ਼ਰੀਦ ਕੇ ਅੱਗੇ ਮਹਿੰਗੇ ਭਾਅ 'ਤੇ ਵੇਚਣਗੇ ਜਿਸ ਨਾਲ ਕਿਸਾਨ ਦਾ ਨੁਕਸਾਨ ਹੋਵੇਗਾ।
ਇਹ ਵੀ ਪੜ੍ਹੋ: ਅਕਾਲੀਆਂ ਨੇ ਲਖਵਿੰਦਰ ਇਨਕਲੇਵ ਨੂੰ ਕਰਵਾਇਆ ਸੈਨੇਟਾਈਜ਼
ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਇਸ ਦਾ ਜ਼ੋਰਦਾਰ ਵਿਰੋਧ ਕੀਤਾ ਅਤੇ ਉਨ੍ਹਾਂ ਨੇ ਮੋਦੀ ਸਰਕਾਰ ਨੂੰ ਆਰਡੀਨੈਂਸ ਤੁਰੰਤ ਵਾਪਸ ਲੈਣ ਲਈ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨੋਟੀਫਿਕੇਸ਼ਨ 'ਤੇ ਬਿਨ੍ਹਾਂ ਕਿਸੇ ਬਹਿਸ ਬਿਨ੍ਹਾਂ ਕਿਸਾਨਾਂ ਦੀ ਰਾਏ ਅਤੇ ਕਿਸੇ ਵਿਰੋਧੀ ਪਾਰਟੀਆਂ ਦੀ ਸਲਾਹ ਲਏ ਬਿਨ੍ਹਾਂ ਹੀ ਆਰਡੀਨੈਂਸ ਨੂੰ ਜਾਰੀ ਕੀਤਾ ਜਾ ਰਿਹਾ ਹੈ। ਲੱਖੋਵਾਲ ਨੇ ਕਿਹਾ ਕਿ ਇਹ ਆਰਡੀਨੈਂਸ ਸਾਜ਼ਿਸ਼ ਦੇ ਤਹਿਤ ਮੰਡੀ ਬੋਰਡ ਨੂੰ ਖ਼ਤਮ ਕਰਨ ਆੜ੍ਹਤੀਆਂ ਨੂੰ ਖ਼ਤਮ ਕਰਨ ਲਈ ਲਿਆਂਦਾ ਗਿਆ ਹੈ।