ਲੁਧਿਆਣਾ: ਖੇਤੀ ਬਿੱਲ ਦੇ ਵਿਰੋਧ ਵਿੱਚ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਵੱਲੋਂ ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਜਿਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਲੁਧਿਆਣਾ ਦੇ ਮੁੱਖ ਐਂਟਰੀ ਪੁਆਇੰਟ ਉੱਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਟੋਲ ਪਲਾਜ਼ਾ ਉੱਤੇ ਧਰਨਾ ਦਿੱਤਾ ਜਾਵੇਗਾ। ਇਸ ਦੌਰਾਨ ਈਟੀਵੀ ਭਾਰਤ ਨੇ ਕੱਲ੍ਹ ਦੇ ਧਰਨੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨਾਲ ਵਿਸ਼ੇਸ਼ ਗੱਲਬਾਤ ਕੀਤੀ।
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਜੋ ਕਾਲਾ ਕਾਨੂੰਨ ਬਣਾਇਆ ਹੈ ਉਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਕਿਸਾਨ ਵਿਰੋਧੀ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਇਸ ਬਿੱਲ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਲਾਡੋਵਾਲ ਟੋਲ ਪਲਾਜ਼ਾ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾਵੇਗਾ ਤਾਂ ਜੋ ਦਿੱਲੀ ਤੱਕ ਆਵਾਜ਼ ਪਹੁੰਚਾ ਸਕੇ।
ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਸਿਆਸਤਦਾਨ ਉਨ੍ਹਾਂ ਨੂੰ ਸਮਰਥਨ ਦੇ ਰਹੇ ਹਨ ਪਰ ਉਹ ਆਪਣੀਆਂ ਸਟੇਜਾਂ ਲਗਾ ਕੇ ਉਨ੍ਹਾਂ ਨਾਲ ਸਾਂਝਾ ਨਹੀਂ ਕਰਨਗੇ। ਲੋਕ ਸਭਾ ਅਤੇ ਰਾਜ ਸਭਾ ਵਿੱਚ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਹੁਣ ਸਾਡੀ ਨੌਜਵਾਨ ਪੀੜ੍ਹੀ ਪੜ੍ਹੀ ਲਿਖੀ ਹੈ ਤੇ ਆਪਣੇ ਹੱਕਾਂ ਪ੍ਰਤੀ ਲੜਨਾ ਚੰਗੀ ਤਰ੍ਹਾਂ ਜਾਣਦੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੋਟਾਂ ਉਨ੍ਹਾਂ ਨੂੰ ਹੀ ਪੈਣਗੀਆਂ ਜੋ ਕਿਸਾਨਾਂ ਦੇ ਹੱਕ ਚ ਖੜ੍ਹੇ ਹੋਣਗੇ, ਉਨ੍ਹਾਂ ਕਿਹਾ ਕਿ ਸਿਆਸਤਦਾਨ ਜਦੋਂ ਬਿਲ ਪਾਸ ਹੋ ਗਿਆ ਉਦੋਂ ਕਿਸਾਨਾਂ ਦੇ ਸਮਰਥਨ 'ਚ ਆਏ ਤਾਂ ਜੋ ਆਪਣੀ ਸਾਖ ਬਚਾ ਸਕਣ।