ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਸੋਮਵਾਰ ਨੂੰ ਸੁਭਾਨੀ ਬਿਲਡਿੰਗ ਨੇੜੇ ਪਾਰਟੀ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਖੁਰਾਣਾ ਦੇ ਦਫ਼ਤਰ ਪੁੱਜੇ। ਉੱਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੰਨਾ ਪੁਲਿਸ ਵੱਲੋਂ 6.65 ਕਰੋੜ ਰੁਪਏ ਦੀ ਕੀਤੀ ਗਈ ਹੇਰਾਫੇਰੀ ਦਾ ਮਾਮਲਾ ਚੁੱਕਿਆ।
ਉਨ੍ਹਾਂ ਸਬੰਧੀ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਲਿਖ ਕੇ ਐੱਸਐੱਸਪੀ ਖੰਨਾ ਨੂੰ ਤੁਰੰਤ ਪੰਜਾਬ ਤੋਂ ਬਾਹਰ ਭੇਜਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ।
ਸਿਮਰਜੀਤ ਸਿੰਘ ਬੈਂਸ ਨੇ ਮੰਗ ਕੀਤੀ ਕਿ ਇਸ ਮਾਮਲੇ 'ਚ ਸ਼ਾਮਲ ਪਾਏ ਜਾਣ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਸਬੰਧੀ ਵੀ ਮੁਕੰਮਲ ਜਾਂਚ ਹੋਵੇ ਤੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਨੂੰ ਸਸਪੈਂਡ ਕੀਤਾ ਜਾਵੇ ਤਾਂ ਜੋ ਸੂਬੇ ਵਿੱਚ ਲੋਕ ਸਭਾ ਚੋਣਾਂ ਸ਼ਾਂਤਮਈ ਢੰਗ ਨਾਲ ਕਰਵਾਈਆਂ ਜਾ ਸਕਣ।
ਉਨ੍ਹਾਂ ਮੁੱਖ ਚੋਣ ਅਧਿਕਾਰੀ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਪਰ ਇਸ ਤੋਂ ਪਹਿਲਾਂ ਐੱਸਐੱਸਪੀ ਖੰਨਾ ਨੂੰ ਤੁਰੰਤ ਪੰਜਾਬ ਤੋਂ ਬਾਹਰ ਕਿਸੇ ਹੋਰ ਸੂਬੇ ਵਿੱਚ ਭੇਜਿਆ ਜਾਵੇ ਅਤੇ ਇਸ ਮਾਮਲੇ ਵਿੱਚ ਸ਼ਾਮਲ ਹੋਏ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਵੀ ਜਾਂਚ ਕਰਵਾਈ ਜਾਵੇ ਤਾਂ ਜੋ ਸੂਬੇ ਦੇ ਲੋਕ ਨਿਡਰ ਹੋ ਕੇ ਚੋਣਾਂ ਦੌਰਾਨ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।