ਲੁਧਿਆਣਾ/ ਅੰਮ੍ਰਿਤਸਰ: ਪੰਜਾਬ 'ਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵੱਧ ਦਾ ਹੀ ਜਾ ਰਿਹਾ ਹੈ। ਪੰਜਾਬ 'ਚ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ ਇੱਕ 65 ਸਾਲਾਂ ਵਿਅਕਤੀ ਨੇ ਕੋਰੋਨਾ ਵਾਇਰਸ ਕਾਰਨ ਦਮ ਤੋੜ ਦਿੱਤਾ। ਇਸੇ ਨਾਲ ਹੀ ਲੁਧਿਆਣਾ ਵਿੱਚ ਇੱਕ ਵਿਅਕਤੀ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ।
ਅੰਮ੍ਰਿਤਸਰ ਦੇ ਸਿਵਲ ਸਰਜਨ ਡਾਕਟਰ ਪ੍ਰਭਦੀਪ ਕੌਰ ਜੌਹਲ ਨੇ ਦੱਸਿਆ ਕਿ ਸਥਾਨਕ ਫੋਰਿਸਟ ਹਸਪਤਾਲ ਵਿੱਚ ਜ਼ੇਰ-ਏ-ਇਲਾਜ ਕੋਰੋਨਾ ਪੀੜਤ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੇਵਾ ਮੁਕਤ ਇੰਜੀਨੀਅਰ ਵਜੋਂ ਹੋਈ ਹੈ।
ਇਸ ਤਰ੍ਹਾਂ ਹੀ ਲੁਧਿਆਣਾ ਵਿੱਚ ਕੋਰੋਨਾ ਦਾ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਚੌਕੀਮਾਨ ਪਿੰਡ ਦੇ ਇੱਕ ਵਿਅਕਤੀ 'ਚ ਕੋਰੋਨਾ ਵਾਇਰਸ ਪਾਇਆ ਗਿਆ ਹੈ, ਜਿਸਦੀ ਉਮਰ 55 ਸਾਲ ਦੇ ਕਰੀਬ ਹੈ ਅਤੇ ਉਹ ਇਸ ਵੇਲੇ ਸਿਵਲ ਹਸਪਤਾਲ ਲੁਧਿਆਣਾ ਵਿੱਚ ਦਾਖਲ ਹੈ। ਪੀੜਤ ਮਰੀਜ਼ ਤਬਲੀਗ਼ੀ ਜਮਾਤੀ ਸੂਚੀ ਵਿੱਚ ਸ਼ਾਮਲ ਹੈ। ਉਕਤ ਮਰੀਜ਼ ਵਿੱਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਜਾਣ ਸਬੰਧੀ ਸਿਵਲ ਸਰਜਨ ਡਾ ਰਾਜੇਸ਼ ਬੱਗਾ ਵੱਲੋਂ ਪੁਸ਼ਟੀ ਕੀਤੀ ਗਈ ਹੈ। ਇਸ ਤਰ੍ਹਾਂ ਲੁਧਿਆਣਾ ਵਿੱਚ ਕੋਰੋਨਾ ਵਾਇਰਸ ਤੋਂ ਪੀੜਤਾਂ ਦੀ ਗਣਿਤੀ ਦਾ ਅੰਕੜਾ ਵਧਦਾ ਹੀ ਜਾ ਰਿਹਾ ਹੈ।
ਇਸੇ ਨਾਲ ਹੀ ਪੰਜਾਬ ਵਿੱਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 76 ਹੋ ਚੁੱਕੀ ਹੈ। ਰਾਜ ਵਿੱਚ ਹੁਣ ਤੱਕ ਰਾਗੀ ਭਾਰੀ ਨਿਰਮਲ ਸਿੰਘ ਖ਼ਾਲਸਾ ਸਮੇਤ 8 ਲੋਕਾਂ ਦੀ ਮੌਤ ਹੋ ਚੁੱਕੀ ਹੈ।