ਲੁਧਿਆਣਾ: ਲਾਢੋਵਾਲ ਨੇੜੇ ਦਿਨ ਸ਼ੁੱਕਰਵਾਰ ਨੂੰ ਸਵੇਰੇ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਕ ਮੋਟਰਸਾਈਕਲ ਦੀ ਟਰੱਕ ਨਾਲ ਟੱਕਰ ਹੋਣ ਨਾਲ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂ ਕਿ ਉਸ ਦੇ ਪਿੱਛੇ ਬੈਠੀ ਇੱਕ ਮਹਿਲਾ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ।
ਟਰੱਕ ਡਰਾਈਵਰ ਨੂੰ ਪੁਲਿਸ ਨੇ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ, ਪਰ ਗਲਤੀ ਕਿਸ ਦੀ ਸੀ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਲਾਢੋਵਾਲ ਥਾਣੇ ਦੇ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਦੀ ਸਵੇਰ ਇਹ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਗੁਰਜੀਤ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਪਿੰਡ ਤਲਵਣ ਤੋਂ ਆਪਣੇ ਮੋਟਰਸਾਈਕਲ ਉੱਤੇ ਜਾ ਰਿਹਾ ਸੀ ਅਤੇ ਉਸ ਦੇ ਪਿੱਛੇ ਇੱਕ ਸੁਰਿੰਦਰ ਕੌਰ ਨਾਂਅ ਦੀ ਮਹਿਲਾ ਵੀ ਸਵਾਰ ਸੀ।
ਬਲਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਲਾਢੋਵਾਲ ਪੁੱਲ ਉੱਤੇ ਪਹੁੰਚੇ ਤਾਂ ਟਰੱਕ ਨਾਲ ਅਚਾਨਕ ਟੱਕਰ ਹੋ ਗਈ, ਜਿਸ ਕਾਰਨ ਨੌਜਵਾਨ ਦੀ ਤਾਂ ਮੌਕੇ ਉੱਤੇ ਹੀ ਮੌਤ ਹੋ ਗਈ ਅਤੇ ਮੋਟਰਸਾਈਕਲ ਸਵਾਰ ਮਹਿਲਾ ਦਾ ਹੱਥ ਟੁੱਟ ਗਿਆ।