ਲੁਧਿਆਣਾ: ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਲੱਖੋਵਾਲ ਦੀ ਇੱਕ ਅਹਿਮ ਬੈਠਕ ਹੋਈ। ਇਸ ਦੌਰਾਨ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਦਿੱਲੀ ਦੇ ਜੰਤਰ ਮੰਤਰ ਵਿਖੇ 18 ਮਾਰਚ ਨੂੰ ਦੇਸ਼ ਭਰ ਦੇ ਕਿਸਾਨ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਧਰਨਾ ਪ੍ਰਦਰਸ਼ਨ ਕਰਨਗੇ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਹ ਸਵਾਮੀਨਾਥਨ ਰਿਪੋਰਟ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨਗੇ ਪਰ ਹਾਲੇ ਤੱਕ ਉਨ੍ਹਾਂ ਦੀਆਂ ਸਿਫਾਰਸ਼ਾਂ ਨੂੰ ਪੂਰਨ ਤੌਰ ਉੱਤੇ ਲਾਗੂ ਨਹੀਂ ਕੀਤਾ ਗਿਆ ਜਿਸ ਕਾਰਨ ਦੇਸ਼ ਦੇ ਕਿਸਾਨਾਂ ਵਿੱਚ ਰੋਹ ਦੀ ਲਹਿਰ ਹੈ।
ਭਾਰਤੀ ਕਿਸਾਨ ਯੂਨੀਅਨ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਅੱਜ ਦੇਸ਼ ਦਾ ਕਿਸਾਨ ਸੜਕਾਂ ਉੱਤੇ ਉਤਰਣ ਲਈ ਮਜਬੂਰ ਹੈ ਕਿਉਂਕਿ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਅੱਜ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ। ਇਸੇ ਕਰਕੇ ਦਿੱਲੀ ਦੇ ਜੰਤਰ ਮੰਤਰ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ 18 ਮਾਰਚ ਨੂੰ ਸਰਕਾਰ ਦੇ ਵਿਰੁੱਧ ਮੋਰਚਾ ਖੋਲ੍ਹਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਨਾ ਤਾਂ ਸਰਕਾਰ ਨੇ ਸਵਾਮੀਨਾਥਨ ਰਿਪੋਰਟ ਦੀਆਂ ਸਿਫਾਰਸ਼ਾਂ ਨੂੰ ਲਾਗੂ ਕੀਤਾ ਹੈ ਅਤੇ ਨਾ ਹੀ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਮਿਲਿਆ।