ਲੁਧਿਆਣਾ: ਪੰਜਾਬ ਭਰ ਦੇ ਵਿੱਚ ਕਿਸਾਨਾਂ ਵੱਲੋਂ ਡੀ ਸੀ ਦਫਤਰਾਂ ਦਾ ਘਿਰਾਓ ਕੀਤਾ ਗਿਆ ਹੈ ਅਤੇ ਲੁਧਿਆਣਾ ‘ਚ ਵੀ ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਦਫ਼ਤਰ ਦਾ ਘਿਰਾਓ ਕਰ ਕੇ ਕਿਸਾਨਾਂ ਦੀਆਂ ਜ਼ਮੀਨਾਂ ਸਰਕਾਰੀ ਕੀਮਤਾਂ ‘ਤੇ ਖਰੀਦਣ ਦਾ ਵਿਰੋਧ ਕੀਤਾ ਗਿਆ।
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਭਰ ਵਿੱਚ ਸੜਕਾਂ ਦਾ ਜਾਲ ਵਿਛਾਉਣ ਲਈ ਹਜ਼ਾਰਾਂ ਏਕੜ ਜ਼ਮੀਨ ਐਕਵਾਇਰ ਕਰਨਾ ਚਾਹੁੰਦੀ ਹੈ ਪਰ ਜ਼ਮੀਨ ਦਾ ਸਹੀ ਮੁੱਲ ਕਿਸਾਨਾਂ ਨੂੰ ਹੀ ਦਿੱਤਾ ਜਾ ਰਿਹਾ ਜਿਸ ਕਰਕੇ ਕਿਸਾਨਾਂ ਵੱਲੋਂ ਇਹ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸੈਕਟਰੀ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਡੀ ਸੀ ਰੇਟ ਮੁਤਾਬਕ ਜ਼ਮੀਨਾਂ ਐਕਵਾਇਰ ਕੀਤੀਆਂ ਜਾ ਰਹੀਆਂ ਹਨ ਜਦੋਂ ਕਿ ਮਾਰਕੀਟ ਕੀਮਤਾਂ ਜ਼ਮੀਨਾਂ ਦੀਆਂ ਵੱਖ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਜੇਕਰ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕਰਨਾ ਚਾਹੁੰਦੀ ਹੈ ਤਾਂ ਉਸਦਾ ਕਿਸਾਨਾਂ ਨੂੰ ਵਾਜਿਬ ਮੁੱਲ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਧੱਕੇ ਨਾਲ ਜ਼ਮੀਨਾਂ ‘ਤੇ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ ਤੇ ਸਰਕਾਰ ਨੂੰ ਵਾਜਬ ਮੁੱਲ ਦੇਣਾ ਹੋਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਸੜਕਾਂ ‘ਤੇ ਉਤਰਨ ਲਈ ਸਰਕਾਰਾਂ ਵੱਲੋਂ ਵੀ ਮਜਬੂਰ ਕੀਤਾ ਜਾ ਰਿਹਾ ਹੈ ਜੇਕਰ ਸਰਕਾਰਾਂ ਦੀਆਂ ਨੀਤੀਆਂ ਸਹੀ ਹੋਣ ਤਾਂ ਉਨ੍ਹਾਂ ਨੂੰ ਅਜਿਹਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਾਡੀ ਇੱਕੋ ਮੰਗ ਹੈ ਕਿ ਕਿਸਾਨਾਂ ਨੂੰ ਜ਼ਮੀਨਾਂ ਦੇ ਬਦਲੇ ਸਹੀ ਮੁੱਲ ਦਿੱਤਾ ਜਾਵੇ।
ਇਹ ਵੀ ਪੜ੍ਹੋ: ਬਸਪਾ ਤੇ ਅਕਾਲੀ ਦਲ ਨੇ ਕੇਜਰੀਵਾਲ ਅਤੇ ਅਨਮੋਲ ਗਗਨ ਦਾ ਫੂਕਿਆ ਪੁਤਲਾ