ਲੁਧਿਆਣਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਸੋਮਵਾਰ ਨੂੰ 25ਵੀਂ ਬਰਸੀ ਹੈ। ਇਸ ਨੂੰ ਲੈ ਕੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਤੇ ਬੇਅੰਤ ਸਿੰਘ ਦੇ ਪੋਤੇ ਰਵਨੀਤ ਬਿੱਟੂ ਨੇ ਇੱਕ ਬਿਆਨ ਜਾਰੀ ਕੀਤਾ ਹੈ।
ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਮਿਲੀ ਹੈ ਕਿ ਵਿਦੇਸ਼ਾਂ ਵਿੱਚ ਬੈਠੇ ਖਾਲਿਸਤਾਨੀ ਸਮਰਥਕਾਂ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਇਹ ਲਾਲਚ ਦਿੱਤਾ ਜਾ ਰਿਹਾ ਹੈ ਕਿ ਜੇਕਰ ਉਹ ਖਾਲਿਸਤਾਨ ਦਾ ਝੰਡਾ ਲਹਿਰਾਉਣ ਤਾਂ ਉਨ੍ਹਾਂ ਨੂੰ 2500 ਡਾਲਰ ਅਤੇ ਜੇਕਰ ਗੁਰਦੁਆਰੇ 'ਚ ਅਰਦਾਸ ਕਰਨਗੇ ਤਾਂ 5000 ਡਾਲਰ ਦਿੱਤੇ ਜਾਣਗੇ। ਜੋ ਕਿ ਬੇਹੱਦ ਮੰਦਭਾਗਾ ਹੈ, ਉਨ੍ਹਾਂ ਕਿਹਾ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਇਹ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਕਿਹਾ ਕਿ ਬੇਅੰਤ ਸਿੰਘ ਨੇ ਪੰਜਾਬ ਦੀ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਆਪਣੇ ਸਰੀਰ ਦੇ ਟੋਟੇ-ਟੋਟੇ ਕਰਵਾ ਲਏ ਆਪਣੀ ਜਾਨ ਵਾਰ ਦਿੱਤੀ ਪਰ ਇਸ ਦੇ ਬਾਵਜੂਦ ਕੁਝ ਲੋਕ ਅਮਨ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਉਨ੍ਹਾਂ ਸਾਫ਼ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ 31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਉਨ੍ਹਾਂ ਦੇ ਦਾਦਾ ਜੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਸ਼ਹੀਦ ਕਰਨ ਵਾਲਿਆਂ ਦੇ ਹੱਕ ਵਿੱਚ ਅਰਦਾਸ ਕੀਤੀ ਜਾਣੀ ਹੈ ਜੋ ਕਿ ਸਾਫ ਹੈ ਕਿ ਡਾਲਰਾਂ ਦੇ ਲਾਲਚ ਹੇਠ ਕੀਤੀ ਜਾਣੀ ਹੈ।