ਲੁਧਿਆਣਾ: ਸਾਂਸਦ ਰਵਨੀਤ ਸਿੰਘ ਬਿੱਟੂ ਨੇ ਦਿੱਲੀ 'ਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਆਪਣੀ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਕਾਰਨ ਕਿਸਾਨਾਂ ਦਾ ਅੰਦੋਲਨ ਗਲਤ ਦਿਸ਼ਾ ਵੱਲ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਦੌਰਾਨ ਪੰਜਾਬ ਦੇ ਨੌਜਵਾਨਾਂ ਵੱਲੋਂ ਸਿਆਸੀ ਲੀਡਰਾਂ ਨੂੰ ਧੱਕੇ ਮਾਰ ਕੇ ਬਾਹਰ ਕੱਢਿਆ ਜਾ ਰਿਹਾ ਹੈ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ।
ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਕਿਸਾਨ ਆਗੂ ਵੀ ਅਜਿਹੇ ਸ਼ਰਾਰਤੀ ਅਨਸਰਾਂ ਵੱਲ ਧਿਆਨ ਨਹੀਂ ਦੇ ਰਹੇ। ਦਅਸਲ ਮਾਮਲਾ ਉਦੋਂ ਭਖਿਆ ਜਦੋਂ ਕਿਸਾਨਾਂ ਦੇ ਅੰਦੋਲਨ 'ਚ ਖ਼ਾਲੀਸਤਾਨ ਦੇ ਨਾਅਰੇ ਲੱਗੇ। ਬਿੱਟੂ ਦਾ ਕਹਿਣਾ ਹੈ ਕਿ ਸੰਘਰਸ਼ 'ਚ ਅਜਿਹੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਜਿਹੀ ਹਰਕਤ 'ਤੇ ਪੰਜਾਬੀਆਂ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ।
ਬਿੱਟੂ ਨੇ ਕਿਸਾਨ ਜੱਥੇਬੰਦੀਆਂ ਦੇ ਕਈ ਉੱਘੇ ਆਗੂਆਂ ਨੂੰ ਅਪੀਲ ਕਰ ਅਜਿਹੇ ਸ਼ਰਾਰਤੀ ਅਨਸਰਾਂ 'ਤੇ ਨਕੇਲ ਕੱਸਣ ਦੀ ਗੱਲ ਆਖੀ ਹੈ। ਉਨ੍ਹਾਂ ਕਿਸਾਨ ਜੱਥੇਬੰਦੀਆਂ ਵੱਲੋਂ ਸਿਆਸੀ ਆਗੂਆਂ ਦਾ ਸਮਰਥਨ ਨਾ ਲਏ ਜਾਣ ਅਤੇ ਗੋਦੀ ਮੀਡੀਆ ਨਾਲ ਤਰੀਕੇ ਨਾਲ ਨਾ ਪੇਸ਼ ਆਉਣ ਕਾਰਨ ਸਖ਼ਤ ਸ਼ਬਦਾਂ 'ਚ ਨਿਖੇਦੀ ਕੀਤੀ ਹੈ।
ਖ਼ਾਸ ਕਰ ਨੌਜਵਾਨ ਪੀੜ੍ਹੀ ਤੋਂ ਨਾਰਾਜ਼ ਵਿਖੇ ਰਵਨੀਤ ਬਿੱਟੂ ਨੇ ਕਿਹਾ ਕਿ ਨੌਜਵਾਨਾਂ ਦਾ ਵਤੀਰਾ ਪੰਜਾਬ ਦੇ ਕਿਸਾਨਾਂ ਵਾਂਗ ਨਹੀਂ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਕੁੱਝ ਲੋਕਾਂ ਦੀ ਅਜਿਹੀ ਹਰਕਤ ਕਾਰਨ ਇਸ ਅੰਦੋਲਨ ਦੇ ਤਬਾਹ ਹੋਣ ਦੀ ਬਦਬੂ ਆ ਰਹੀ ਹੈ।