ਲੁਧਿਆਣਾ: ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਲਈ 21 ਦਿਨਾਂ ਦਾ ਲਾਕਡਾਊਨ ਚੱਲ ਰਿਹਾ ਹੈ। ਇਸ ਵਿੱਚ ਜ਼ਰੂਰਤ ਦੀਆਂ ਵਸਤਾਂ ਲਈ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ 'ਤੇ ਢਿੱਲ ਦਿੱਤੀ ਜਾ ਰਹੀ ਹੈ ਤਾਂ ਜੋ ਲੋਕ ਜ਼ਰੂਰੀ ਵਸਤਾਂ ਜਿਵੇਂ ਕਿ ਖਾਣ-ਪੀਣ ਦੀਆਂ ਚੀਜ਼ਾਂ, ਦਵਾਈਆਂ ਆਦਿ ਖ਼ਰੀਦ ਸਕਣ।
ਲੁਧਿਆਣਾ ਪ੍ਰਸ਼ਾਸਨ ਵੱਲੋਂ ਵੀ ਮੈਡੀਕਲ ਦੀਆਂ ਦੁਕਾਨਾਂ ਨੂੰ 3 ਘੰਟੇ ਦੀ ਢਿੱਲ ਦਿੱਤੀ ਗਈ ਹੈ ਜਿਸ ਮੌਕੇ ਲੋਕਾਂ ਦੀ ਭੀੜ ਦੇਖਣ ਨੂੰ ਮਿਲੀ। ਇਸ ਦੌਰਾਨ ਚਿੰਤਾ ਵਾਲੀ ਗੱਲ ਇਹ ਸੀ ਕਿ ਲੋਕ ਆਪਣੇ ਬੱਚਿਆਂ ਨੂੰ ਲੈ ਕੇ ਦਵਾਈਆਂ ਦੀ ਦੁਕਾਨ 'ਤੇ ਪਹੁੰਚੇ ਹੋਏ ਸਨ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਬੱਚੇ ਪਿੱਛੇ ਲੱਗ ਜਾਂਦੇ ਹਨ ਤਾਂ ਕਰਕੇ ਉਹ ਉਨ੍ਹਾਂ ਨੂੰ ਲੈ ਆਏ।
ਲੋਕਾਂ ਦੇ ਅਜਿਹੇ ਵਤੀਰੇ ਤੋਂ ਸਾਫ਼ ਝਲਕਦਾ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਢਿੱਲ ਦਾ ਐਲਾਨ ਕਿੰਨਾ ਖ਼ਤਰਨਾਕ ਸਾਬਿਤ ਹੋ ਸਕਦਾ ਹੈ। ਇਹ ਵੀ ਜ਼ਿਕਰ ਕਰ ਦਈਏ ਕਿ ਜਦੋਂ ਉਨ੍ਹਾਂ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਕੰਨੀ ਕਤਰਾਉਂਦੇ ਨਜ਼ਰ ਆਏ।
ਇਹ ਵੀ ਪੜ੍ਹੋ: ਡੀਜੀਪੀ ਦਿਨਕਰ ਗੁਪਤਾ ਨੇ ਕਰਫਿਊ 'ਚ ਸਹਿਯੋਗ ਦੇਣ 'ਤੇ ਲੋਕਾਂ ਦਾ ਕੀਤਾ ਧੰਨਵਾਦ
ਉਧਰ ਦੂਜੇ ਪਾਸੇ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਦਾ ਕਹਿਣਾ ਸੀ ਕਿ ਐਸਡੀਐਮ ਵੱਲੋਂ ਉਨ੍ਹਾਂ ਨੂੰ 3 ਘੰਟੇ ਦੁਕਾਨ ਖੋਲ੍ਹਣ ਦਾ ਹੁਕਮ ਦਿੱਤਾ ਹੈ ਤਾਂ ਜੋ ਲੋਕ ਜ਼ਰੂਰਤ ਮੁਤਾਬਕ ਦਵਾਈ ਲੈ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਸਮਾਜਿਕ ਦੂਰੀ ਸਬੰਧੀ ਉਨ੍ਹਾਂ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।