ਲੁਧਿਆਣਾ: ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਆਉਣ ਵਾਲੀਆਂ ਮਾਲ ਗੱਡੀਆਂ ਬੰਦ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਲੁਧਿਆਣਾ ਦੀ ਇੰਡਸਟਰੀ ਉੱਤੇ ਬੰਦ ਹੋਣ ਦੇ ਬੱਦਲ ਮੰਡਰਾ ਰਹੇ ਹਨ।
ਇੰਡਸਟਰੀ ਦਾ ਇਹ ਹਾਲ ਹੋ ਗਿਆ ਹੈ ਕਿ ਨਾ ਤਾਂ ਕੱਚਾ ਮਾਲ ਬਾਹਰ ਜਾ ਰਿਹਾ ਹੈ ਅਤੇ ਨਾ ਹੀ ਤਿਆਰ ਕੀਤੇ ਗਏ ਆਰਡਰ ਜਾ ਰਹੇ ਹਨ। ਲੁਧਿਆਣਾ ਦੇ ਸਨਅਤਕਾਰਾਂ ਨੇ ਕਿਹਾ ਕਿ ਜੇ ਇਹੀ ਹਾਲ ਰਿਹਾ ਤਾਂ ਇੰਡਸਟਰੀ ਬੰਦ ਹੋ ਜਾਵੇਗੀ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕ ਵਿੱਚ ਤਾਂ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਧਰਨੇ ਲਾਏ ਗਏ ਸਨ, ਪਰ ਹੁਣ ਇੰਡਸਟਰੀ ਦੇ ਹੱਕ ਵਿੱਚ ਧਰਨਾ ਕਿਉਂ ਨਹੀਂ ਲਗਾਇਆ ਜਾ ਰਿਹਾ? ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੀ ਲੜਾਈ ਵਿੱਚ ਲੁਧਿਆਣਾ ਦੇ ਸਅਨਤਕਾਰ ਬਰਬਾਦ ਹੋ ਰਹੇ ਹਨ।
ਲੁਧਿਆਣਾ ਯੂਨਾਈਟਿਡ ਸਾਈਕਲ ਪਾਰਟਸ ਐਸੋਸੀਏਸ਼ਨ ਦੇ ਪ੍ਰਧਾਨ ਡੀ.ਐੱਸ. ਚਾਵਲਾ ਨੇ ਕਿਹਾ ਕਿ ਇੰਡਸਟਰੀ ਖ਼ਤਮ ਹੋਣ ਦੀ ਕਗਾਰ ਉੱਤੇ ਹੈ। ਸਰਕਾਰਾਂ ਦੀਆਂ ਗਲਤ ਨੀਤੀਆਂ ਕਰ ਕੇ ਇਹ ਖ਼ਤਮ ਹੋਣ ਕੰਢੇ ਆ ਗਈ ਹੈ।
ਉੱਧਰ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਅਰਵਿੰਦਰ ਸਿੰਘ ਮੱਕੜ ਨੇ ਵੀ ਕਿਹਾ ਕਿ ਹੌਜ਼ਰੀ ਦਾ ਸੀਜ਼ਨ ਹੋਣ ਦੇ ਬਾਵਜੂਦ ਬਾਹਰਲੇ ਸੂਬਿਆਂ ਵਿੱਚ ਤਿਆਰ ਮਾਲ ਨਹੀਂ ਜਾ ਪਾ ਰਿਹਾ, ਕੰਟੇਨਰ ਫਸੇ ਹੋਏ ਹਨ।
ਹਾਲਾਤ ਇਸ ਤਰ੍ਹਾਂ ਦੇ ਹੋ ਗਏ ਹਨ ਕਿ ਬਾਹਰ ਦੇ ਵਪਾਰੀਆਂ ਨੇ ਪੰਜਾਬ ਦੇ ਸਨਅਤਕਾਰਾਂ ਉੱਤੇ ਵਿਸ਼ਵਾਸ਼ ਕਰਨਾ ਬੰਦ ਕਰ ਦਿੱਤਾ ਹੈ, ਉਹ ਆਪਣੀ ਭਰੋਸੇਯੋਗਤਾ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਬੈਠ ਕੇ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ।