ਲੁਧਿਆਣਾ: ਪੰਜਾਬ ਸਰਕਾਰ ਨੇ ਮਹਾਂਮਾਰੀ 'ਤੇ ਠੱਲ੍ਹ ਪਾਉਣ ਲਈ ਬੀਤੇ ਦਿਨੀਂ ਹਦਾਇਤਾਂ ਦਿੱਤੀਆਂ ਸਨ ਕਿ ਵਿਆਹ ਦੇ ਪ੍ਰੋਗਰਾਮ ਵਿੱਚ 30 ਤੋਂ ਵੱਧ ਲੋਕ ਇਕੱਠੇ ਨਹੀਂ ਹੋ ਸਕਦੇ। ਪਰ ਅੱਜ ਲੁਧਿਆਣਾ ਦੇ ਮਾਈਕ੍ਰੋ ਕੰਟੇਨਮੈਂਟ ਜ਼ੋਨ ਇਸਲਾਮ ਗੰਜ ਦੇ ਜੰਞ ਘਰ 'ਚ ਇੱਕ ਵਿਆਹ ਸਮਾਗਮ 'ਚ 100 ਤੋਂ ਵੱਧ ਲੋਕ ਇਕੱਠੇ ਹੋਏ ਸਨ। ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਲਾੜਾ-ਲਾੜੀ ਦੇ ਪਰਵਾਰ ਵਾਲਿਆਂ ਅਤੇ ਗੁਰਦੁਆਰਾ ਦੇ ਪ੍ਰਬੰਧਕਾਂ ਅਤੇ ਜੰਞ ਘਰ 'ਤੇ ਵੀ ਮਾਮਲਾ ਦਰਜ ਕਰ ਲਿਆ ਹੈ।
ਲੁਧਿਆਣਾ ਦੇ ਏ.ਸੀ.ਪੀ. ਵਰਿਆਮ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸਲਾਮ ਗੰਜ ਇਲਾਕੇ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਣ ਦੇ ਬਾਵਜੂਦ ਇਥੇ 30 ਤੋਂ ਵੱਧ ਲੋਕ ਸੱਦ ਕੇ ਵਿਆਹ ਦਾ ਸਮਾਗਮ ਕਰਵਾਇਆ ਜਾ ਰਿਹਾ ਸੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ ਅਤੇ 20 ਰਿਸ਼ਤੇਦਾਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਬੀਤੇ ਦਿਨੀਂ ਜਨਮ ਦਿਨ ਦੀ ਪਾਰਟੀ ਮਨਾ ਰਹੇ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਵਰਿਆਮ ਸਿੰਘ ਨੇ ਕਿਹਾ ਕਿ ਲੋਕ ਨਿਯਮਾਂ ਦੀ ਪਾਲਣਾ ਕਰਨ ਨਹੀਂ ਤਾਂ ਉਨ੍ਹਾਂ ਨੂੰ ਖੁਦ ਹੀ ਨਤੀਜੇ ਭੁਗਤਣੇ ਪੈਣਗੇ।