ਲੁਧਿਆਣਾ: ਨਵੇਂ ਸਾਲ ਦੇ ਮੱਦੇਨਜ਼ਰ ਪੁਲਿਸ ਵਲੋਂ ਸਖ਼ਤੀ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਵਲੋਂ ਭੀੜ ਵਾਲੀਆਂ ਥਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਆਪਰੇਸ਼ਨ ਈਗਲ ਤਹਿਤ ਲੁਧਿਆਣਾ ਪੁਲਿਸ ਵੱਲੋਂ ਜੁਆਇੰਟ ਕਮਿਸ਼ਨਰ ਸਿਟੀ ਸੌਮਿਆ ਮਿਸ਼ਰਾ ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਗਈ। ਜਿੱਥੇ ਪੁਲਿਸ ਨੇ ਸ਼ੱਕੀ ਯਾਤਰੀਆਂ ਤੋਂ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦੇ ਸਮਾਨ ਦੀ ਵੀ ਜਾਂਚ ਕੀਤੀ।
ਰੇਲਵੇ ਸਟੇਸ਼ਨ ਦੀ ਆਪਰੇਸ਼ਨ ਈਗਲ ਤਹਿਤ ਚੈਕਿੰਗ: ਇਸ ਦੌਰਾਨ ਜੇਸੀਪੀ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਇਹ ਜਾਂਚ ਆਪਰੇਸ਼ਨ ਈਗਲ ਤਹਿਤ ਕੀਤੀ ਜਾ ਰਹੀ ਹੈ। ਰੇਲਵੇ ਸਟੇਸ਼ਨ ਤੋਂ ਇਲਾਵਾ ਬੱਸ ਸਟੈਂਡ 'ਤੇ ਵੀ ਸ਼ੱਕੀ ਯਾਤਰੀਆਂ ਅਤੇ ਉਨ੍ਹਾਂ ਦੇ ਸਮਾਨ ਦੀ ਚੈਕਿੰਗ ਕੀਤੀ ਜਾਵੇਗੀ। ਇਸ ਚੈਕਿੰਗ ਦਾ ਮਕਸਦ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਕਾਰਵਾਈ ਕਰਨਾ ਹੈ ਤਾਂ ਜੋ ਲੋਕਾਂ 'ਚ ਪੁਲਿਸ ਪ੍ਰਤੀ ਵਿਸ਼ਵਾਸ਼ ਬਣਿਆ ਰਹੇ।
ਜਨਤਕ ਥਾਵਾਂ 'ਤੇ ਕੀਤੀ ਜਾ ਰਹੀ ਹੈ ਇਹ ਚੈਕਿੰਗ: ਉਨ੍ਹਾਂ ਦੱਸਿਆ ਕਿ ਇਹ ਚੈਕਿੰਗ ਗਣਤੰਤਰ ਦਿਹਾੜੇ ਤੋਂ ਪਹਿਲਾਂ ਕੀਤੀ ਗਈ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਦੇ ਵਿੱਚ ਇਹ ਆਪਰੇਸ਼ਨ ਚਲਾਇਆ ਗਿਆ ਹੈ। ਲਗਾਤਾਰ ਜਨਤਕ ਥਾਵਾਂ, ਜਿੰਨ੍ਹਾਂ 'ਚ ਖਾਸ ਕਰਕੇ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਆਦਿ 'ਤੇ ਚੈਕਿੰਗ ਕਰਵਾਈ ਜਾ ਰਹੀ ਹੈ। ਹਾਲਾਂਕਿ ਜੁਆਇੰਟ ਕਮਿਸ਼ਨਰ ਨੇ ਕਿਹਾ ਕਿ ਇਹ ਰੁਟੀਨ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪਬਲਿਕ ਥਾਵਾਂ 'ਤੇ ਇਹ ਆਪਰੇਸ਼ਨ ਚਲਾਇਆ ਹੈ। ਸੋਮਿਆ ਮਿਸ਼ਰਾ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਸੁਰੱਖਿਆ ਸਬੰਧੀ ਭਰੋਸਾ ਦਿੱਤਾ ਅਤੇ ਨਾਲ ਹੀ ਮੁਲਜ਼ਮਾਂ ਅਤੇ ਸ਼ਰਾਰਤੀ ਅਨਸਰਾਂ ਨੂੰ ਵੀ ਇਹ ਸਖ਼ਤ ਸੁਨੇਹਾ ਦਿੱਤਾ ਗਿਆ ਹੈ ਕਿ ਜੇਕਰ ਉਹ ਕੋਈ ਵੀ ਅਜਿਹੀ ਘਟਨਾ ਕਰਨਗੇ ਤਾਂ ਸਖ਼ਤ ਕਰਵਾਈ ਕੀਤੀ ਜਾਵੇਗੀ।