ਲੁਧਿਆਣਾ: ਥਾਣਾ ਲਾਡੋਵਾਲ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਮਾਮਲੇ ਵਿੱਚ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਸ਼ਨਾਖਤ ਲਵਪ੍ਰੀਤ ਸਿੰਘ, ਗੁਰਸੇਵਕ ਸਿੰਘ, ਗੁਰਸੇਵਕ ਸਿੰਘ, ਰਾਜਬੀਰ ਸਿੰਘ, ਪ੍ਰਭਜੋਤ ਸਿੰਘ, ਸਰਨਪ੍ਰੀਤ ਸਿੰਘ ਅਤੇ ਜਸਮੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਵਾਰਦਾਤ ਦੌਰਾਨ ਮੁਲਜ਼ਮਾਂ ਵੱਲੋਂ ਵਰਤੇ ਗਏ ਹਥਿਆਰ ਵੀ ਬਰਾਮਦ ਕਰ ਲਏ ਹਨ।
ਲੁਧਿਆਣਾ ਦੇ ਜੁਆਇੰਟ ਕਮਿਸ਼ਨਰ ਭਾਗੀਰਥ ਮੀਨਾ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ 'ਤੇ ਪ੍ਰੈਸ ਕਾਨਫਰੰਸ ਰਾਹੀਂ ਸਾਂਝੀ ਕੀਤੀ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਮਾਮਲਾ 22 ਜੂਨ ਦਾ ਹੈ। ਇਸ ਰਾਤ ਸਤਿਕਾਰ ਪੇਪਰ ਮਿੱਲ ਹੰਬੜਾਂ ਰੋਡ ਲੁਧਿਆਣਾ ਵਿਖੇ ਕੰਮ ਕਰਨ ਵਾਲੇ ਵਰਕਰ ਵਕੀਲ ਅਹਿਮਦ ਅਤੇ ਅਰਜੁਨ ਪਾਲ ਦੀ ਕੁੱਝ ਅਣਪਛਾਤੇ ਵਿਅਕਤੀਆਂ ਨੇ ਭਾਰੀ ਕੁੱਟਮਾਰ ਕੀਤੀ ਸੀ, ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਵਕੀਲ ਅਹਿਮਦ ਦੀ ਮੌਤ ਹੋ ਗਈ ਸੀ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਰਜੁਨ ਪਾਲ ਦੇ ਬਿਆਨਾਂ 'ਤੇ ਪੁਲਿਸ ਨੇ ਕਤਲ ਦਾ ਮੁਕੱਦਮਾ ਦਰਜ ਕਰ ਕੇ ਕਾਰਵਾਈ ਅਰੰਭ ਦਿੱਤੀ ਸੀ, ਜਿਸ ਦੀ ਜਾਂਚ ਦੌਰਾਨ ਪੁਲਿਸ ਨੂੰ ਜਾਣਕਾਰੀ ਮਿਲੀ ਕਿ ਲਵਪ੍ਰੀਤ ਸਿੰਘ, ਜੋ ਕਿ ਉਸੇ ਫੈਕਟਰੀ ਵਿਚ ਕੰਮ ਕਰਦਾ ਹੈ, ਦੀ ਵਕੀਲ ਅਹਿਮਦ ਦੇ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ। ਇਸ ਤਕਰਾਰ ਦੇ ਕਾਰਨ ਹੀ ਲਵਪ੍ਰੀਤ ਸਿੰਘ ਨੇ 22 ਜੂਨ ਨੂੰ ਆਪਣੇ ਸਾਥੀਆਂ ਨਾਲ ਮਿਲ ਕੇ ਰਾਤ ਸਮੇਂ ਵਕੀਲ ਅਹਿਮਦ ਤੇ ਅਰਜੁਨ ਪਾਲ ਦੀ ਭਾਰੀ ਕੁੱਟਮਾਰ ਕੀਤੀ, ਜਿਸ ਵਿੱਚ ਵਕੀਲ ਅਹਿਮਦ ਦੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਉਨ੍ਹਾਂ ਦੇ ਹੱਥ ਇੱਕ ਸੁਰਾਗ ਲੱਗਿਆ, ਜਿਸ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਇਸ ਮਾਮਲੇ ਵਿੱਚ 7 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਅੱਠਵੇਂ ਮੁਲਜ਼ਮ ਰਾਹੁਲ ਕੁਮਾਰ ਯਾਦਵ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ।