ਲੁਧਿਆਣਾ: ਢੰਡਾਰੀ ਵਿੱਚ ਇਕ ਸਕੂਲ ਦੇ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਤੋਂ ਬਾਅਦ ਸਨਿੱਚਰਵਾਰ ਨੂੰ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਵਿਦਿਆਰਥੀ ਦੀ ਮੌਤ ਉੱਤੇ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਨੇ ਡੀਸੀ ਨੂੰ ਇਸ ਮਾਮਲੇ ਦਾ ਜਾਂਚ ਕਰਕੇ ਸਿੱਧੀ ਰਿਪੋਰਟ ਉਨ੍ਹਾਂ ਨੂੰ ਸੌਂਪਣ ਲਈ ਕਿਹਾ ਹੈ।
ਵਿਦਿਆਰਥੀ ਦੀ ਮ੍ਰਿਤਕ ਦੇਹ ਨੂੰ ਸਿੱਧਾ ਹਸਪਤਾਲ ਤੋਂ ਸ਼ਮਸ਼ਾਨਘਾਟ ਲਿਆਂਦਾ ਗਿਆ ਅਤੇ ਪ੍ਰਸ਼ਾਸਨ ਨੇ ਜਲਦਬਾਜ਼ੀ ਵਿੱਚ ਉਸ ਦਾ ਅੰਤਿਮ ਸਸਕਾਰ ਕਰਵਾ ਦਿੱਤਾ। ਮੌਕੇ ਉੱਤੇ ਐਸਡੀਐਮ ਅਮਰਜੀਤ ਬੈਂਸ ਅਤੇ ਏਸੀਪੀ ਸੰਦੀਪ ਵਡੇਰਾ ਵੀ ਪਹੁੰਚੇ ਹੋਏ ਸਨ।
ਲੁਧਿਆਣਾ ਦੇ ਐਸਡੀਐਮ ਅਮਰਜੀਤ ਬੈਂਸ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਮਾਮਲੇ ਵਿੱਚ ਟਵੀਟ ਕੀਤਾ ਹੈ ਅਤੇ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਜਿਹੀਆਂ ਵਾਰਦਾਤਾਂ ਸਕੂਲ ਵਿੱਚ ਹੋਈਆਂ ਹਨ ਪਰ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਹੁਣ ਅਜਿਹੇ ਮਾਮਲਿਆਂ ਉੱਤੇ ਕਾਰਵਾਈ ਕੀਤੀ ਜਾਵੇਗੀ। ਉੱਧਰ ਏਸੀਪੀ ਸੰਦੀਪ ਵਡੇਰਾ ਨੇ ਵੀ ਕਿਹਾ ਕਿ ਸ਼ਾਮ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਦੱਸ ਦਈਏ ਕਿ ਪੁਲਿਸ ਦੇ ਹੱਥ ਹਾਲੇ ਤੱਕ ਖਾਲੀ ਹਨ, ਵੀਡੀਓ ਦੇ ਆਧਾਰ ਉੱਤੇ ਉਨ੍ਹਾਂ ਕਿਹਾ ਕਿ ਤਿੰਨ ਲੋਕਾਂ ਉੱਤੇ ਮਾਮਲਾ ਦਰਜ ਕੀਤਾ ਗਿਆ ਹੈ ਪਰ ਤਿੰਨੋਂ ਹੀ ਫਰਾਰ ਦੱਸੇ ਜਾ ਰਹੇ ਹਨ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਪਰਿਵਾਰ ਉੱਤੇ ਸਮਝੌਤਾ ਕਰਨ ਦਾ ਦਬਾਅ ਵੀ ਪਾਇਆ ਜਾ ਰਿਹਾ ਹੈ।