ਲੁਧਿਆਣਾ: ਢੰਡਾਰੀ ਦੇ ਗੁਰਮੇਲ ਨਗਰ ਇਲਾਕੇ ਵਿੱਚ 11ਵੀਂ ਜਮਾਤ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਇਲਾਕੇ ਤੋਂ ਵਿਧਾਇਕ ਬਲਵਿੰਦਰ ਬੈਂਸ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪੁੱਜੇ। ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪੁਲਿਸ ਪ੍ਰਸ਼ਾਸਨ ਨੂੰ ਸਕੂਲ ਪ੍ਰਿੰਸੀਪਲ ਅਤੇ ਅਧਿਆਪਕ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕਰਨ ਦੀ ਗੱਲ ਆਖੀ।
ਬਲਵਿੰਦਰ ਬੈਂਸ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਦੇ ਵਿੱਚ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ। ਇਹ ਬਹੁਤ ਮੰਦਭਾਗੀ ਗੱਲ ਹੈ ਕਿ ਇੱਕ ਮਾਮੂਲੀ ਜਿਹੀ ਗੱਲ ਪਿੱਛੇ ਵਿਦਿਆਰਥੀ ਨੂੰ ਇੰਨਾ ਪਰੇਸ਼ਾਨ ਕੀਤਾ ਗਿਆ ਕਿ ਵਿਦਿਆਰਥੀ ਨੂੰ ਖੁਦਕੁਸ਼ੀ ਲਈ ਮਜਬੂਰ ਹੋਣਾ ਪਿਆ।
ਉਨ੍ਹਾਂ ਕਿਹਾ ਕਿ ਉਹ ਪੁਲਿਸ ਕਮਿਸ਼ਨਰ ਨੂੰ ਅਪੀਲ ਕਰਨਗੇ ਕਿ ਮੁਲਜ਼ਮਾਂ ਵਿਰੁੱਧ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੂੰ ਜਦੋਂ ਕਿਹਾ ਗਿਆ ਕਿ ਇਸ ਸਕੂਲ ਵਿੱਚ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਅਜਿਹਾ ਕੁਝ ਵੀ ਨਹੀਂ ਆਇਆ।
ਦੱਸ ਦਈਏ ਕਿ 11ਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਖੁਦਕੁਸ਼ੀ ਕੀਤਾ ਜਾਣ ਦੇ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਪ੍ਰਿੰਸੀਪਲ ਅਤੇ ਅਧਿਆਪਕ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।