ਲੁਧਿਆਣਾ: ਕੋਰੋਨਾ ਵਾਇਰਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਲੁਧਿਆਣਾ 'ਚ 4172 ਟੈਸਟ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 3706 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 133 ਮਰੀਜ਼ ਪੌਜ਼ੀਟਿਵ ਹਨ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਨਿਯਮਾਂ ਦੀ ਪਾਲਣਾ ਸਖ਼ਤੀ ਨਾਲ ਕਰਨੀ ਹੋਵੇਗੀ ਕਿਉਂਕਿ ਕੋਰੋਨਾ ਦੀ ਮੌਜੂਦਗੀ ਵਿੱਚ ਹੀ ਸਾਨੂੰ ਆਪਣੇ ਕੰਮਕਾਜ ਪੂਰੇ ਕਰਨੇ ਹਨ।
ਅਗਰਵਾਲ ਨੇ ਕਿਹਾ ਕਿ ਦੁਕਾਨਦਾਰ ਅਤੇ ਹੋਰ ਸੇਵਾਵਾਂ ਦੇਣ ਵਾਲੇ ਵੀ ਦਾਇਰੇ 'ਚ ਰਹਿ ਕੇ ਅਤੇ ਨਿਯਮਾਂ ਦੀ ਪਾਲਣਾ ਨਾਲ ਹੀ ਆਪਣੇ ਕੰਮਕਾਰ ਚਲਾਉਣ। ਨਿਯਮਾਂ ਦੀ ਉਲੰਘਣਾ ਕਰਨ 'ਤੇ ਉਨ੍ਹਾਂ ਵਿਰੁੱਧ ਕਾਰਵਾਈ ਹੋ ਸਕਦੀ ਹੈ।
ਇਹ ਵੀ ਪੜ੍ਹੋ: ਕੋਵਿਡ-19: ਪੰਜਾਬ 'ਚ 1877 ਹੋਈ ਕੋਰੋਨਾ ਮਰੀਜ਼ਾਂ ਦੀ ਗਿਣਤੀ, 31 ਦੀ ਮੌਤ
ਡੀਸੀ ਨੇ ਇਹ ਵੀ ਕਿਹਾ ਕਿ ਅਫ਼ਸਰਾਂ ਨਾਲ ਬੈਠਕ ਤੋਂ ਬਾਅਦ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕੁੱਝ ਹੋਰ ਸੇਵਾਵਾਂ ਖੋਲ੍ਹਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚ ਕੂਲਰ, ਏਸੀ, ਕਾਰ ਰਿਪੇਅਰ, ਕਾਰਪੇਂਟਰ, ਮਕੈਨਿਕ, ਉਸਾਰੀ ਦਾ ਕੰਮ ਕਰਨ ਵਾਲੇ ਠੇਕੇਦਾਰ, ਮਜ਼ਦੂਰ ਅਤੇ ਇਨ੍ਹਾਂ ਸੇਵਾਵਾਂ ਨਾਲ ਸੰਬੰਧਿਤ ਸਮਾਨ ਵੇਚਣ ਵਾਲਿਆਂ ਨੂੰ ਵੀ ਸਵੇਰੇ 7 ਵਜੇ ਤੋਂ ਲੈ ਕੇ 3 ਵਜੇ ਤੱਕ ਦੀ ਖੁੱਲ੍ਹ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਿਤਾਬਾਂ ਵੇਚਣ ਵਾਲੀਆਂ ਦੁਕਾਨਾਂ ਨੂੰ ਵੀ ਖੋਲ੍ਹ ਦਿੱਤਾ ਜਾਵੇਗਾ, ਪਰ ਉਹ ਇਸ ਦੌਰਾਨ ਨਿਯਮਾਂ ਦੀ ਪਾਲਣਾ ਜ਼ਰੂਰ ਕਰਦੇ ਰਹਿਣ।