ਲੁਧਿਆਣਾ: ਸੰਸਦ ਮੈਂਬਰ ਰਵਨੀਤ ਬਿੱਟੂ ਨੇ ਮੰਗਲਵਾਰ ਨੂੰ ਲੋਕ ਸਭਾ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦਾ ਵਿਰੋਧ ਕੀਤਾ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਦਾ ਜਵਾਬ ਦਿੱਤਾ ਹੈ। ਲੁਧਿਆਣਾ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਇਸ ਬਿਆਨ ਦੀ ਨਿਖੇਧੀ ਕੀਤੀ ਹੈ।
ਦਰਅਸਲ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੀਆਂ ਰਿਪੋਰਟਾਂ ਉੱਤੇ ਯਕੀਨ ਨਾ ਕੀਤਾ ਜਾਵੇ, ਕਿਉਂਕਿ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਨਹੀਂ ਕੀਤੀ ਗਈ ਹੈ।
ਮਹੇਸ਼ ਇੰਦਰ ਗਰੇਵਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਸੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇੱਕ ਸੰਸਦ ਨੂੰ ਖੁਸ਼ ਕਰਨ ਲਈ ਅਜਿਹਾ ਬਿਆਨ ਨਹੀਂ ਦੇਣਾ ਚਾਹੀਦਾ ਸੀ। ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਰਵਨੀਤ ਬਿੱਟੂ ਨੂੰ ਸੰਸਦ ਵਿੱਚ ਅਜਿਹੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ।
ਉਨ੍ਹਾਂ ਕਿਹਾ ਕਿ ਆਪਣੀ ਫੋਕੀ ਸਿਆਸਤ ਨੂੰ ਚਮਕਾਉਣ ਲਈ ਰਵਨੀਤ ਬਿੱਟੂ ਸੰਸਦ ਵਿੱਚ ਜਾ ਕੇ ਅਜਿਹੀ ਬਿਆਨਬਾਜ਼ੀ ਕਰਦੇ ਹਨ। ਉਹ ਪੰਜਾਬ ਦੇ ਮੁੱਦਿਆਂ ਦੀ ਤਾਂ ਸੰਸਦ ਵਿੱਚ ਕੋਈ ਗੱਲ ਨਹੀਂ ਕਰਦੇ ਪਰ ਰਾਜੋਆਣਾ ਦੇ ਮੁੱਦੇ ਨੂੰ ਲੈ ਕੇ ਜ਼ਰੂਰ ਅੱਜ ਉਨ੍ਹਾਂ ਨੇ ਇਹ ਵਿਵਾਦਿਤ ਬਿਆਨ ਦਿੱਤਾ।
ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਅਕਾਲੀ ਦਲ ਦਾ ਸਟੈਂਡ ਸਾਫ਼ ਹੈ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਕਾਲੀ ਦਲ ਦਾ ਵਫ਼ਦ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਗੱਲਬਾਤ ਵੀ ਕਰੇਗਾ।