ਲੁਧਿਆਣਾ: ਆਮ ਆਦਮੀ ਪਾਰਟੀ ਨੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਤੋਂ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਆਪ ਨੇ ਜੋ ਉਮੀਦਵਾਰ ਲੁਧਿਆਣਾ ਤੋਂ ਖੜ੍ਹਾ ਕੀਤਾ ਹੈ ਉਸ ਦਾ ਕੋਈ ਸਿਆਸੀ ਆਧਾਰ ਨਹੀਂ ਹੈ।
ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਪ੍ਰੋਫ਼ੈਸਰ ਤੇਜਪਾਲ ਨੂੰ ਸਿਆਸਤ 'ਚ ਫ਼ਿਲਹਾਲ ਕੋਈ ਨਹੀਂ ਜਾਣਦਾ। ਜਾਣ-ਬੁੱਝ ਕੇ ਅਜਿਹਾ ਉਮੀਦਵਾਰ ਉਤਾਰਿਆ ਗਿਆ ਹੈ ਕਿਉਂਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵੇਂ ਇੱਕੋ ਹੀ ਟੀਮ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸ਼ੈਅ 'ਤੇ ਹੀ ਆਮ ਆਦਮੀ ਪਾਰਟੀ ਵੱਲੋਂ ਘੱਟ ਤਜ਼ੁਰਬੇ ਵਾਲਾ ਉਮੀਦਵਾਰ ਖੜ੍ਹਾ ਕੀਤਾ ਗਿਆ ਹੈ।
ਉਧਰ ਟਕਸਾਲੀ ਅਕਾਲੀ ਦਲ ਵੱਲੋਂ ਖਡੂਰ ਸਾਹਿਬ ਤੋਂ ਆਪਣੇ ਉਮੀਦਵਾਰ ਜੇਜੇ ਸਿੰਘ ਦਾ ਨਾਂਅ ਵਾਪਸ ਲਏ ਜਾਣ ਨੂੰ ਲੈ ਕੇ ਵੀ ਮਹੇਸ਼ਇੰਦਰ ਗਰੇਵਾਲ ਨੇ ਟਕਸਾਲੀ ਅਕਾਲੀ ਦਲ 'ਤੇ ਤੰਜ ਕੱਸਦਿਆਂ ਕਿਹਾ ਕਿ ਹਾਲੇ ਤਾਂ ਜੇਜੇ ਸਿੰਘ ਵੱਲੋਂ ਚੋਣ ਪ੍ਰਚਾਰ ਸ਼ੁਰੂ ਵੀ ਨਹੀਂ ਕੀਤਾ ਗਿਆ ਸੀ ਕਿ ਪਹਿਲਾਂ ਹੀ ਉਸ ਦੀ ਗੱਡੀ ਨੂੰ ਲੀਹੋਂ ਲਾਹ ਦਿੱਤਾ ਗਿਆ।