ਲੁਧਿਆਣਾ: ਜਿੱਥੇ ਇੱਕ ਪਾਸੇ 15 ਅਗਸਤ ਦਾ ਦਿਹਾੜਾ ਪੂਰੇ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ, ਉੱਥੇ ਹੀ ਅੱਜ ਖੰਨਾ ਦੇ ਨਜ਼ਦੀਕ ਪੈਂਦੇ ਪਿੰਡ ਈਸੜੂ ਵਿੱਚ ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਇੱਕ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਰਤ ਭੂਸ਼ਣ ਆਸ਼ੂ ਤੇ ਆਪ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਸਮਾਗਮ ਵਿੱਚ ਸ਼ਹੀਦ ਦੇ ਪਰਿਵਾਰਕ ਮੈਂਬਰ ਵੀ ਪਹੁੰਚੇ ਜਿਨ੍ਹਾਂ ਨੇ ਸਮੇਂ ਦੀਆਂ ਸਰਕਾਰਾਂ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਰਕਾਰਾਂ ਨੇ ਲਾਰਿਆਂ ਤੋਂ ਇਲਾਵਾ ਕੁਝ ਨਹੀਂ ਕੀਤਾ ਤੇ ਨਾ ਹੀ ਉਨ੍ਹਾਂ ਦੀ ਯਾਦ ਵਿੱਚ ਕੋਈ ਯਾਦਗਾਰ ਬਣਾਈ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਰਿਵਾਰ ਦੀ ਮਦਦ ਕਰਨਾ ਤਾਂ ਇੱਕ ਪਾਸੇ ਸਰਕਾਰਾਂ ਵੱਲੋਂ ਪਿੰਡ ਦੇ ਵਿਕਾਸ ਲਈ ਵੀ ਸੰਭਵ ਸਹਾਇਤਾ ਨਹੀਂ ਦਿੱਤੀ ਗਈ। ਉਨ੍ਹਾਂ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਹੁਣ ਤੱਕ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਨੌਕਰੀ ਵੀ ਨਹੀਂ ਦਿੱਤੀ ਗਈ।