ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ਖੇਤੀ ਮਾਹਿਰਾਂ ਵਿਚਕਾਰ ਆਪਸੀ ਤਾਲਮੇਲ ਕਾਇਮ ਕਰਨ ਲਈ 12 ਫਰਵਰੀ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਵਿਸ਼ੇਸ਼ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਭਰ ਦੇ ਕਿਸਾਨ ਭਾਗ ਲੈ ਕੇ ਰਲ-ਮਿਲ ਕੇ ਆਪਣੀਆਂ ਮੁਸ਼ਕਲਾਂ ਨੂੰ ਮਾਹਿਰਾਂ ਨਾਲ ਸਾਂਝਾ ਕਰ ਸਕਣਗੇ । ਅੱਜ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲੁਧਿਆਣਾ ਪੀਏਯੂ ਪਹੁੰਚੇ, ਜਿੱਥੇ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਪ੍ਰੋਗਰਾਮ ਬਾਰੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕੀਤੀ, ਹਾਲਾਂਕਿ ਇਸ ਮੌਕੇ ਉਨ੍ਹਾਂ ਨੂੰ ਨਵਜੋਤ ਸਿੰਘ ਸਿੱਧੂ ਦੀ ਘਰ ਦੇ ਬਾਹਰ ਸੁਰੱਖਿਆ ਨੂੰ ਲੈ ਕੇ ਜਦੋਂ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਇਸ ਬਾਰੇ ਕੁਝ ਵੀ ਕਹਿਣ ਤੋਂ ਸਾਫ਼ ਇਨਕਾਰ ਕਰ ਦਿੱਤਾ।
ਅਫੀਮ ਦੀ ਖੇਤੀ: ਇਸ ਮੌਕੇ ਜਦੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਪੁੱਛਿਆ ਗਿਆ ਕਿ ਕੀ ਪੰਜਾਬ ਵਿੱਚ ਨੌਜਵਾਨਾਂ ਨੂੰ ਸਿੰਥੈਟਿਕ ਨਸ਼ਿਆਂ ਤੋਂ ਦੂਰ ਰੱਖਣ ਲਈ ਅਫੀਮ ਦੀ ਖੇਤੀ ਕੀਤੀ ਜਾਣੀ ਚਾਹੀਦੀ ਹੈ ਤਾਂ ਉਨ੍ਹਾਂ ਕਿਹਾ ਕਿ ਸਾਡੇ ਕੋਲ ਲਗਾਤਾਰ ਸੁਝਾਅ ਆ ਰਹੇ ਹਨ, ਉਨ੍ਹਾਂ ਦਾ ਮੰਨਣਾ ਹੈ ਕਿ ਕਿਸੇ ਵਿਅਕਤੀ ਨੂੰ ਇਕ ਨਸ਼ੇ ਤੋਂ ਦੂਰ ਰੱਖਣਾ ਲਈ ਕਿਸੇ ਹੋਰ ਨਸ਼ੇ ਨਾਲ ਜੋੜਣਾ ਠੀਕ ਨਹੀਂ ਹੈ। ਕੁਲਦੀਪ ਧਾਰੀਵਾਲ ਨੇ ਕਿਹਾ ਕਿ ਜੇਕਰ ਪੰਜਾਬ ਵਿੱਚੋਂ ਬੇਰੁਜ਼ਗਾਰੀ ਖ਼ਤਮ ਹੋ ਜਾਂਦੀ ਹੈ ਅਤੇ ਖੇਤੀ ਲਾਹੇਵੰਦ ਧੰਦਾ ਬਣ ਜਾਂਦੀ ਹੈ ਤਾਂ ਪੰਜਾਬ ਵਿੱਚੋਂ ਨਸ਼ਾ ਆਪਣੇ ਆਪ ਖ਼ਤਮ ਹੋ ਜਾਵੇਗਾ।
ਛੋਟੇ ਕਿਸਾਨਾਂ ਨੂੰ ਪਹੁੰਚਾਇਆ ਜਾਵੇ ਲਾਭ: ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਵੀ ਕਿਹਾ ਕਿ ਇਸ ਮੇਲੇ ਵਿੱਚ ਅਸੀਂ ਛੋਟੇ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਦੇਣ ਦੇ ਨਾਲ-ਨਾਲ ਇੱਕ ਤੋਂ 5 ਏਕੜ ਤੱਕ ਜ਼ਮੀਨ ਰੱਖਣ ਵਾਲੇ ਕਿਸਾਨਾਂ ਲਈ ਖੇਤੀ ਲਾਹੇਵੰਦ ਧੰਦਾ ਕਿਵੇਂ ਬਣ ਸਕਦਾ ਹੈ ਇਸ ਬਾਰੇ ਵੀ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਖੇਤੀ ਨੂੰ ਆਧੁਨਿਕ ਤਕਨੀਕ ਨਾਲ ਜੋੜਨਾ ਬਹੁਤ ਜ਼ਰੂਰੀ ਹੈ, ਇਸ ਕਰਕੇ ਹੀ ਪੰਜਾਬ ਸਰਕਾਰ ਵੱਲੋਂ ਇਹ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਖੁਦ ਵੀ ਸ਼ਾਮਲ ਹੋਣਗੇ।