ਲੁਧਿਆਣਾ: ਹੈਬੋਵਾਲ 'ਚ ਕੂੜੇ ਦਾ ਡੰਪ ਚੁੱਕਣ ਨੂੰ ਲੈ ਕੇ ਕਾਂਗਰਸ ਦੇ ਵਿਧਾਇਕ ਰਾਕੇਸ਼ ਪਾਂਡੇ ਨੇ ਆਪਣੀ ਹੀ ਨਗਰ ਨਿਗਮ ਦੇ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਧਰਨਾ ਲਾ ਦਿੱਤਾ। ਇਸ ਦੌਰਾਨ ਮੌਕੇ 'ਤੇ ਮੌਜੂਦ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ ਵੀ ਪਹੁੰਚੇ ਅਤੇ ਵਿਧਾਇਕ ਤੇ ਲੋਕਾਂ ਨੂੰ ਮਨਾਉਂਦੇ ਹੋਏ ਨਜ਼ਰ ਆਏ। ਦੱਸਣਯੋਗ ਹੈ ਕਿ ਮੇਅਰ ਅਤੇ ਵਿਧਾਇਕ ਦੋਵੇਂ ਹੀ ਕਾਂਗਰਸ ਦੇ ਹਨ।
ਇਸ ਦੌਰਾਨ ਧਰਨਾ ਲਗਾ ਰਹੇ ਕਾਂਗਰਸੀ ਵਿਧਾਇਕ ਰਾਕੇਸ਼ ਪਾਂਡੇ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਨਗਰ ਨਿਗਮ ਦੀਆਂ ਬੈਠਕਾਂ 'ਚ ਕੂੜੇ ਦਾ ਡੰਪ ਚੁਕਵਾਉਣ ਅਤੇ ਲੋਕਾਂ ਦੀ ਸਮੱਸਿਆ ਹੱਲ ਕਰਵਾਉਣ ਦੇ ਮੁੱਦੇ ਚੁੱਕ ਰਹੇ ਹਨ। ਅਜੇ ਤੱਕ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਗਿਆ, ਜਿਸ ਕਰਕੇ ਮਜਬੂਰਨ ਉਨ੍ਹਾਂ ਨੂੰ ਧਰਨਾ ਲਾਉਣਾ ਪਿਆ ਹੈ।
ਦੂਜੇ ਪਾਸੇ ਮੌਕੇ 'ਤੇ ਪਹੁੰਚੇ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ ਵਿਧਾਇਕ ਨੂੰ ਮਨਾਉਂਦੇ ਹੋਏ ਨਜ਼ਰ ਆਏ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਜਲਦ ਹੀ ਹੱਲ ਕਰਨਗੇ।
ਜ਼ਿਕਰਯੋਗ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਵਿਧਾਇਕ ਰਾਕੇਸ਼ ਪਾਂਡੇ ਨੇ ਆਪਣੇ ਹੀ ਵਿਧਾਇਕਾਂ ਜਾਂ ਸਰਕਾਰ ਦੇ ਖਿਲਾਫ਼ ਮੋਰਚਾ ਖੋਲ੍ਹਿਆ ਹੋਵੇ। ਇਸ ਤੋਂ ਪਹਿਲਾਂ ਵੀ ਰਾਕੇਸ਼ ਪਾਂਡੇ ਰਵਨੀਤ ਸਿੰਘ ਬਿੱਟੂ ਨੂੰ ਟਿਕਟ ਮਿਲਣ ਦੀ ਖਿਲਾਫ਼ਤ ਕਰ ਚੁੱਕੇ ਹਨ।